ਬਟਾਲਾ, 3 ਜੁਲਾਈ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਦੱਸਿਆ ਕਿ ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਸਿਖਰਲੇ 10 ਜ਼ਿਲਿ੍ਹਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਾਪਤੀ ਨਾ ਸਿਰਫ਼ ਏ.ਆਈ.ਐਫ. ਸਕੀਮ ਅਧੀਨ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਦੀ ਹੈ, ਸਗੋਂ ਸੂਬੇ ਵਿੱਚ ਖੇਤੀਬਾੜੀ-ਪੱਖੀ ਪ੍ਰਗਤੀਸ਼ੀਲ ਮਾਹੌਲ ਅਤੇ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਦਰਸਾਉਂਦੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿਚ 14199 ਪ੍ਰਾਜੈਕਟਾਂ ਰਾਹੀਂ ਕਿਸਾਨ ਅਤੇ ਖੇਤੀ ਉੱਦਮੀ ਸੂਬੇ ਵਿੱਚ 5938 ਕਰੋੜ ਰੁਪਏ ਦੇ ਵੱਡੇ ਨਿਵੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਏ.ਆਈ.ਐਫ. ਸਕੀਮ ਅਧੀਨ ਵਾਢੀ ਉਪਰੰਤ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸਹਾਇਤਾ ਕੀਤੀ ਜਾਂਦੀ ਹੈ, ਜਿਸ ਵਿੱਚ ਪ੍ਰਾਇਮਰੀ ਪ੍ਰੋਸੈਸਿੰਗ (ਆਟਾ ਚੱਕੀ, ਤੇਲ ਕੱਢਣ ਵਾਲੀਆਂ ਮਸ਼ੀਨਾਂ, ਮਸਾਲਾ ਪ੍ਰੋਸੈਸਿੰਗ, ਮਿਲਿੰਗ ਆਦਿ), ਸਟੋਰੇਜ ਸਹੂਲਤਾਂ (ਜਿਵੇਂ ਗੋਦਾਮ, ਕੋਲਡ ਸਟੋਰ, ਸਿਲੋਜ਼ ਆਦਿ), ਕਸਟਮ ਹਾਇਰਿੰਗ ਸੈਂਟਰ (ਘੱਟੋ-ਘੱਟ 4 ਉਪਕਰਣ), ਛਾਂਟੀ ਅਤੇ ਗਰੇਡਿੰਗ ਯੂਨਿਟ, ਬੀਜ ਪ੍ਰੋਸੈਸਿੰਗ ਯੂਨਿਟ, ਆਰਗੈਨਿਕ ਸਮੱਗਰੀ ਉਤਪਾਦਨ, ਫ਼ਸਲ ਰਹਿੰਦ-ਖੂੰਹਦ ਸਬੰਧੀ ਪ੍ਰਬੰਧਨ ਪ੍ਰਣਾਲੀਆਂ, ਕੰਪਰੈੱਸਡ ਬਾਇਉਗੈਸ ਪਲਾਂਟ, ਸੋਲਰ ਪੰਪ, ਰਾਈਪਨਿੰਗ ਚੈਂਬਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਸਕੀਮ ਅਧੀਨ ਮੌਜੂਦਾ ਯੋਗ ਬੁਨਿਆਦੀ ਢਾਂਚੇ ਲਈ ਸੋਲਰ ਪੈਨਲਾਂ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਵੀ ਸਹਾਇਤਾ ਦਿੱਤੀ ਜਾਂਦੀ ਹੈ।
ਉਨਾਂ ਅੱਗੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਏ.ਆਈ.ਐਫ. ਲਈ ਸਟੇਟ ਨੋਡਲ ਏਜੰਸੀ (ਐਸ.ਐਨ.ਏ) ਵਜੋਂ ਕੰਮ ਕਰ ਰਿਹਾ ਹੈ, ਜਿਸ ਨੇ ਸਕੀਮ ਦੇ ਉਪਬੰਧਾਂ ਅਨੁਸਾਰ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ (ਪੀ.ਐਮ.ਯੂ) ਸਥਾਪਤ ਕੀਤੀ ਹੋਈ ਹੈ। ਇਸ ਤੋਂ ਇਲਾਵਾ ਕਿਸਾਨਾਂ ਤੱਕ ਪਹੁੰਚ ਵਧਾਉਣ ਲਈ ਇੱਕ ਵੱਟਸਐਪ ਹੈਲਪਲਾਈਨ ਨੰਬਰ (90560-92906) ਵੀ ਸ਼ੁਰੂ ਕੀਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਨਿਯਮਤ ਰੂਪ ਵਿੱਚ ਅਪਡੇਟ ਸਾਂਝੇ ਕੀਤੇ ਜਾ ਰਹੇ ਹਨ।