ਮਾਨਸਾ, 3 ਜੁਲਾਈ 2024 : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦਾ ਕਾਰਨ ਘਰੇਲੂ ਕਲੇਸ਼ ਹੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿਲਾ ਦੋ ਬੱਚਿਆਂ ਦੀ ਮਾਂ ਹੈ । ਕਥਿਤ ਦੋਸ਼ੀ ਨੇ ਗ਼ੁੱਸੇ ‘ਚ ਆ ਕੇ ਉਸ ਦੇ ਸਿਰ ‘ਚ ਕਹੀ ਦੇ ਵਾਰ ਕਰਕੇ ਬੇਰਹਿਮੀ ਨਾਲ ਮਾਰ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਮਹਿਲਾ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਿੱਕਰ ਸਿੰਘ ਨਾਮੀ ਵਿਅਕਤੀ ਨੇ ਆਪਣੀ ਪਤਨੀ ਵੀਰਪਾਲ ਕੌਰ(37) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਮੌਕੇ ਤੋਂ ਫਰਾਰ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੇ ਨਾਲ ਹੋਰ ਵੀ ਲੋਕ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਦਾ ਪਤੀ ਉਸ ਨਾਲ ਕਲੇਸ਼ ਕਰਦਾ ਸੀ।
ਉੱਥੇ ਹੀ ਪਿੰਡ ਵਾਸੀਆਂ ਦੇ ਕਿਹਾ ਕਿ ਕਤਲ ਸਵੇਰ ਦੇ ਸਮੇਂ ਹੋਇਆ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਨਿਰਪੱਖ ਜਾਂਚ ਕੀਤੀ ਜਾਵੇ । ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।v