ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ 2024 – ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਪਮ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਮਰੀਜ਼ 45 ਸਾਲਾ ਪੰਜਾਬੀ ਔਰਤ ਹੈ ਜਿਸ ਨੇ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਵਿਚ ਆਪਰੇਸ਼ਨ ਕਰਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਚੱਲਣ-ਫਿਰਨ ਵਿਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁਢਲੀ ਜਾਂਚ ਕਰਨ ਮਗਰੋਂ ਆਪਰੇਸ਼ਨ ਕਰਨ ਦੀ ਸਲਾਹ ਦਿੱਤੀ ਤੇ ਮਰੀਜ਼ ਦੀ ਸਹਿਮਤੀ ਨਾਲ ਆਪਰੇਸ਼ਨ ਕੀਤਾ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ।