ਅੰਮ੍ਰਿਤਸਰ, 12 ਜੁਲਾਈ 2024 ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਲੈ ਕੇ ਹੁਣ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਵਾਸਤੇ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਹੋਈ ਜਿੱਤ ਸਰਕਾਰ ਨੂੰ ਬਰਦਾਸ਼ਤ ਨਹੀਂ ਹੋ ਰਹੀ। ਇਸ ਲਈ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖੁਦ ਅਤੇ ਉਹਨਾਂ ਦਾ ਸਾਰਾ ਪਰਿਵਾਰ ਨਸ਼ਾ ਰੋਕਣ ਵਾਸਤੇ ਯਤਨ ਕਰ ਰਿਹਾ ਸੀ ਅਤੇ ਉਹ ਖੁਦ ਨਸ਼ਾ ਕਿਵੇਂ ਕਰ ਸਕਦੇ ਹਨ। ਇਹ ਸਿੱਖਾਂ ਦੇ ਖਿਲਾਫ ਇੱਕ ਵੱਡੀ ਸਾਜਿਸ਼ ਰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਰਸੇਮ ਸਿੰਘ ਨੇ ਕਿਹਾ ਕਿ ਪੁਲਿਸ ਪਹਿਲਾਂ ਵੀ ਰਾਜਨੀਤਿਕ ਅਤੇ ਡਰੱਗ ਮਾਫੀਆ ਦੇ ਦਬਾਵ ਵਿੱਚ ਕੰਮ ਕਰਦੀ ਰਹੀ ਹੈ ਅਤੇ ਹੁਣ ਵੀ ਪੁਲਿਸ ਅਜਿਹਾ ਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨਾਮ ਨੂੰ ਬਦਨਾਮ ਕਰਨ ਦੇ ਲਈ ਇਹ ਸਾਰੀ ਸਾਜਿਸ਼ ਕੀਤੀ ਗਈ ਹੈ।