ਚੰਡੀਗੜ੍ਹ/ਜਲੰਧਰ, 3 ਸਤੰਬਰ, 2024: ਦੇਸ਼ ਭਰ ਵਿੱਚ ਲੋਕਾਂ ਦੀ ਜ਼ੁਬਾਨਬੰਦੀ ਕਰਨ ਖਿਲਾਫ਼, ਸੂਬਿਆਂ ਦੇ ਅਧਿਕਾਰ ਖੋਹਣ ਵਿਰੁੱਧ ਅਤੇ ਮੋਦੀ ਹਕੂਮਤ ਵੱਲੋਂ ਜੁਬਾਨਬੰਦੀ ਕਰਨ ਲਈ ਰਾਜਨੀਤਿਕ, ਬੁੱਧੀਜੀਵੀ, ਪੱਤਰਕਾਰ, ਵਕੀਲ ਤੇ ਇਨਸਾਫਪਸੰਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ, ਛਾਪੇਮਾਰੀ ਕਰਨ ਅਤੇ ਝੂਠੇ ਪੁਲਿਸ ਕੇਸਾਂ ਵਿੱਚ ਫ਼ਸਾਉਣ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸੀ.ਪੀ.ਆਈ. (ਐੱਮ.-ਐੱਲ.) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਤੇ ਦਰਸ਼ਨ ਸਿੰਘ ਖਟਕੜ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਕਿ ਐਨਆਈਏ (ਕੇਂਦਰੀ ਸੁਰੱਖਿਆ ਏਜੰਸੀ) ਨੇ ਚੰਡੀਗੜ੍ਹ ਤੇ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਬੀਤੇ ਦਿਨੀਂ ਛਾਪੇਮਾਰੀ ਕੀਤੀ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਵਕੀਲ ਅਜੇ ਸਿੰਗਲ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕਈ ਵਿਅਕਤੀਆਂ ਨੂੰ ਲਖਨਊ ਐਨਆਈਏ ਦੇ ਦਫ਼ਤਰ ਪੇਸ਼ ਹੋਣ ਲਈ ਨੋਟਿਸ ਦਿੱਤਾ ਹੈ। ਇਹ ਸਾਰੀ ਕਾਰਵਾਈ ਉੱਤਰ ਪ੍ਰਦੇਸ਼ ਵਿਚ ਦਰਜ ਇੱਕ ਸਾਲ ਪੁਰਾਣੇ ਕੇਸ ਵਿੱਚ ਕੀਤੀ ਹੈ। ਉਸ ਕੇਸ ਵਿੱਚ ਅਮਨ ਨਾਮ ਦੇ ਵਿਅਕਤੀ ਨੂੰ ਉਰਫ ਬਣਾ ਕੇ ਅਜੇ ਸਿੰਗਲ ਦਾ ਨਾਮ ਜੋੜ ਦਿੱਤਾ ਹੈ, ਜਿਹੜਾ ਕਿਸੇ ਤਰੀਕੇ ਨਾਲ ਜਾਇਜ਼ ਨਹੀਂ ਹੈ।