ਚੰਡੀਗੜ੍ਹ, 23 ਸਤੰਬਰ 2024- ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਦਿੱਤੇ ਬਿਆਨ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸਾਡਾ ਡੱਬਾ ਅਤੇ ਇੰਜਣ ਦੋਵੇਂ ਬਿਲਕੁਲ ਠੀਕ ਹਨ। ਸੁਖਬੀਰ ਬਾਦਲ ਵੱਲ ਇਸ਼ਾਰਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਇਹ ਕਿਸੇ ਇੱਕ ਪਰਿਵਾਰ ਦਾ ਡੱਬਾ ਨਹੀਂ ਹੈ। ਇਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਵੱਲੋਂ ਚੁਣੇ ਗਏ ਡੱਬੇ ਅਤੇ ਇੰਜਣ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ‘ਚ ਹਰ ਤਰ੍ਹਾਂ ਦੇ ਮਾਫੀਆ ‘ਤੇ ਸ਼ਿਕੰਜਾ ਕੱਸਿਆ ਹੈ। ਅਕਾਲੀ ਸਰਕਾਰ ਵੇਲੇ ਪੈਦਾ ਹੋਏ ਗੈਂਗਸਟਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਨੇ ਨਸ਼ਾ ਤਸਕਰੀ ਨੂੰ ਕਾਬੂ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਮ ਲੋਕਾਂ ਦੇ ਇਲਾਜ ਲਈ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਵਧੀਆ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।
ਗਰਗ ਨੇ ਕਿਹਾ ਕਿ ਅਸਲ ਵਿੱਚ ਇੰਜਣ ਬਦਲਣ ਦੀ ਲੋੜ ਅਕਾਲੀ ਦਲ ਨੂੰ ਹੈ, ਜੋ ਪੰਜਾਬ ਅਤੇ ਪੰਥ ਦੀ ਪਾਰਟੀ ਤੋਂ ਇਕ ਪਰਿਵਾਰ ਦੀ ਪਾਰਟੀ ਬਣ ਚੁੱਕੀ ਹੈ। ਕਲੇਰ ਪਹਿਲਾਂ ਆਪਣੀ ਪਾਰਟੀ ਨੂੰ ਬਾਦਲ ਪਰਿਵਾਰ ਦੀ ਪਕੜ ਤੋਂ ਮੁਕਤ ਕਰਵਾਉਣ, ਫਿਰ ਦੂਜੀਆਂ ਪਾਰਟੀਆਂ ‘ਤੇ ਟਿੱਪਣੀ ਕਰਨ।