ਅਮ੍ਰਿਤਸਰ , 16 ਅਕਤੂਬਰ 2024- ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 17 ਤੋਂ 19 ਅਕਤੂਬਰ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਪਰਕਰਮਾ ਦੇ ਸਾਰੇ ਸੇਵਾਦਾਰਾਂ ਨਾਲ ਮੀਟਿੰਗ ਕਰਕੇ ਨਗਰ ਕੀਰਤਨ ਦੀ ਰੂਪ ਰੇਖਾ ਬਾਰੇ ਜਾਣੂ ਕਰਵਾਇਆ ਅਤੇ ਗੁਰਪੁਰਬ ਮੌਕੇ ਮੱਥਾ ਟੇਕਣ ਆ ਰਹੀ ਸੰਗਤ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ, ਉਹਨਾਂ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਚੋਂ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਆਉਂਦੀਆਂ ਹਨ ਤੇ ਉਹਨਾਂ ਦੇ ਮਨਾਉਨ ਵਿੱਚ ਚੰਗੀ ਛਵੀ ਨਜ਼ਰ ਆਉਣੀ ਚਾਹੀਦੀ ਹੈ, ਜਿਸਦੇ ਚਲਦੇ ਸੇਵਾਦਾਰਾਂ ਦੇ ਨਾਲ ਇੱਕ ਮੀਟਿੰਗ ਕਰਕੇ ਇਹ ਸਾਰੀ ਗੱਲਬਾਤ ਕੀਤੀ ਗਈ। ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਸਤਨਾਮ ਸਿੰਘ ਝਬਾਲ ਇਕਬਾਲ ਸਿੰਘ ਮੁਖੀ ਗੁਰਿੰਦਰ ਸਿੰਘ ਪਰਿਕਰਮਾ ਇੰਚਾਰਜ ਮਲਕੀਤ ਸਿੰਘ ਗੁਰਵੇਲ ਸਿੰਘ ਹਰਪ੍ਰੀਤ ਸਿੰਘ ਹਾਜ਼ਰ ਸਨ।