ਨੰਗਲ 06 ਨਵੰਬਰ,2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਨੇ ਕਿਸਾਨਾਂ ਨੂੰ ਆਉਂਦੀ ਕਣਕ ਦੀ ਫਸਲ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਇਸ ਸਬੰਧੀ ਅਮਰਜੀਤ ਸਿੰਘ ਖੇਤੀਬਾੜੀ ਅਫਸਰ ਨੇ ਕਿਹਾ ਕਿ ਡੀ.ਏ.ਪੀ. ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ, ਜੋ ਝੋਨੇ ਕਣਕ ਦੇ ਫਸਲੀ ਚੱਕਰ ਵਿਚ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਡੀ.ਏ.ਪੀ. ਖਾਦ ਦੇ ਕਈ ਬਦਲ ਹਨ, ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ।
ਖੇਤੀ ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ. ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ। ਇਕ ਹੋਰ ਖਾਦ ਐਨ.ਪੀ.ਕੇ. (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦੀ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ. ਦੇ ਇੱਕ ਬੈਗ ਪਿੱਛੇ ਐਨ.ਪੀ.ਕੇ. (12:32:16) ਦੇ ਡੇਢ ਬੈਗ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸ ਦੇ ਤਿੰਨ ਬੈਗਜ਼ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ।
ਮਾਹਿਰਾਂ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਬਾਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ। ਇਸ ਵਿਚ ਡੀ.ਏ.ਪੀ. ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ। ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਜ਼ਿਲ੍ਹੇ ਦੇ ਕਈ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ। ਮਾਹਿਰਾਂ ਨੇ ਕਿਹਾ ਕਿ ਐਨ.ਪੀ.ਕੇ. ( 12:32:16) ਡੀ.ਏ.ਪੀ. ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ, ਕਿਉਂਕਿ ਇਸ ਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ, ਜੋ ਡੀ.ਏ.ਪੀ. ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ। ਹੋਰ ਬਦਲਾਂ ਵਿਚ ਐਨ.ਪੀ.ਕੇ. (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।