ਬੀਕਾਨੇਰ, 9 ਜੁਲਾਈ -ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਵਿੱਚ ਸਥਿਤ ਪਿੰਡ 24 ਬੀ.ਡੀ. ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ| ਜਾਣਕਾਰੀ ਮੁਤਾਬਕ ਇਕ ਪਿੰਡ ਵਾਸੀ ਵਲੋਂ ਦੋ ਪਾਵਨ ਸਰੂਪਾਂ ਨਾਲ ਬੇਅਦਬੀ ਕੀਤੀ ਗਈ| ਉਸ ਵਲੋਂ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਪਾਵਨ ਸਰੂਪ ਨੂੰ ਚੁੱਕ ਕੇ ਗੁਰਦੁਆਰਾ ਦੀ ਇਮਾਰਤ ਤੇ ਪਿੱਛੇ ਲਿਜਾ ਕੇ ਅਗਨੀ ਭੇਟ ਕੀਤੇ|
ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਸੰਗਤ ਅਤੇ ਰਾਜਸਥਾਨ ਦੀਆਂ ਸਿੱਖ ਜਥੇਬੰਦੀਆਂ ਮੌਕੇ ਤੇ ਪਹੁੰਚੀਆਂ| ਉਨ੍ਹਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ| ਮੌਕੇ ਤੇ ਪੁੱਜੀ ਪੁਲੀਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ| ਪੁਲੀਸ ਮੁਤਾਬਕ ਕਾਬੂ ਕੀਤਾ ਗਿਆ ਵਿਅਕਤੀ ਮੰਦਬੁੱਧੀ ਹੈ| ਓਧਰ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਗੁਰੂ ਮਹਾਰਾਜ ਦੀ ਅਜਿਹੀ ਬੇਅਦਬੀ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਅਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ| ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਅਕਤੀ ਮੰਦਬੁੱਧੀ ਸੀ ਤਾਂ ਉਸ ਦੇ ਦਿਮਾਗ ਵਿੱਚ ਪਾਵਨ ਸਰੂਪ ਨੂੰ ਅਗਨੀ ਭੇਟ ਕਰਨ ਦੀ ਗੱਲ ਕਿਵੇਂ ਆਈ| ਸਿੱਖ ਸੰਗਤ ਨੇ ਸਖਤ ਨਿੰਦਾ ਕਰਦਿਆਂ ਕਿਹਾ ਕਿ ਉਸ ਨੂੰ ਪਤਾ ਨਹੀਂ ਕਿ ਉਸ ਨੇ ਕੀ ਕੀਤਾ ਹੈ ਤਾਂ ਫਿਰ ਉਸ ਨੇ ਆਪਣੇ ਘਰ ਕਿਉਂ ਨਹੀਂ ਅੱਗ ਲਾਈ| ਫਿਲਹਾਲ ਪੁਲੀਸ ਨੇ ਇਸ ਸੰਬੰਧੀ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ|
ਜਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਅਜਿਹੀ ਘਟਨਾ ਕੋਈ ਨਵੀਂ ਨਹੀਂ ਹੈ| ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ| ਕਦੇ ਪਾਵਨ ਸਰੂਪ ਨੂੰ ਅਗਨੀ ਭੇਟ ਕਰ ਦਿੱਤਾ ਜਾਂਦਾ ਹੈ ਅਤੇ ਕਦੇ ਅੰਗਾਂ ਨੂੰ ਪਾੜ ਕੇ ਹੇਠਾਂ ਸੁੱਟ ਦਿੱਤਾ ਜਾਂਦਾ ਰਿਹਾ ਹੈ| ਸਿੱਖਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾਂਦਾ ਰਿਹਾ ਹੈ ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ|