ਲੁਧਿਆਣਾ, 10 ਜੁਲਾਈ 2020 – ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਅੱਜ ਲੁਧਿਆਣਾ ‘ਚ ਇੱਕ ਅਹਿਮ ਮੀਟਿੰਗ ਸੱਦੀ ਗਈ ਜਿਸ ਦੀ ਪ੍ਰਧਾਨਗੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਸਬੰਧੀ ਤਿੰਨ ਆਰਡੀਨੈਂਸ ਲਿਆਂਦੇ ਗਏ ਨੇ ਉਹ ਕਿਸਾਨ ਮਾਰੂ ਨੇ ਉਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਆਰਡੀਨੈਂਸ ਦੇ ਨਾਲ ਐਮਐਸਪੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ਦਾ ਐੱਮ ਐੱਸ ਪੀ 1850 ਰੁਪਏ ਹੈ ਪਰ ਹੁਣ ਮੱਕੀ ਦੀ ਫ਼ਸਲ 800-1200 ਰੁਪਏ ਖ਼ਰੀਦੀ ਜਾ ਰਹੀ ਹੈ। ਉਨ੍ਹਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਕੇਂਦਰ ਸਰਕਾਰ ਤੇ ਅਤੇ ਸੂਬਾ ਸਰਕਾਰ ਤੇ ਸਵਾਲ ਖੜ੍ਹੇ ਕੀਤੇ।
ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਨੇ ਇਸ ਕਰਕੇ ਕੈਪਟਨ ਸਰਕਾਰ ਨੂੰ ਵਿਧਾਨ ਸਭਾ ਦੇ ਵਿੱਚ ਮਤਾ ਪਾਸ ਕਰਕੇ ਇਸ ਆਰਡੀਨੈਂਸ ਨੂੰ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਹਜ਼ਾਰਾਂ ਆੜ੍ਹਤੀਏ, ਪੱਲੇਦਾਰ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ।
ਉਨ੍ਹਾਂ ਐਲਾਨ ਕੀਤਾ ਕਿ ਆਉਂਦੀ 20 ਜੁਲਾਈ ਨੂੰ ਪੰਜਾਬ ਭਰ ਦੇ ਕਿਸਾਨ ਜ਼ਿਲ੍ਹੇ ਦੇ ਡੀਸੀ ਅਤੇ ਐਸਡੀਐਮ ਨੂੰ ਇਸ ਸਬੰਧੀ ਮੰਗ ਪੱਤਰ ਦੇਣਗੇ। ਉਹਨਾਂ ਇਹ ਵੀ ਕਿਹਾ ਕਿ ਐਮਐਸਪੀ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਭਾਜਪਾ ਸਰਕਾਰ ਦੇ ਖਿਲਾਫ ਸੰਘਰਸ਼ ਵਿੱਢਣਗੀਆਂ, ਅਜਮੇਰ ਸਿੰਘ ਲੱਖੋਵਾਲ ਨੇ ਵੀ ਕਿਹਾ ਕਿ ਪੰਜਾਬ ਦੇ ਵਿੱਚ ਚੰਡੀਗੜ੍ਹ ਨਾਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧ ਨੇ ਸੂਬਾ ਸਰਕਾਰ ਨੂੰ ਇਸ ਫਰਕ ਨੂੰ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਕੀਮਤ ਵਿੱਚ 3 ਫੀਸਦੀ ਵਾਧਾ ਕੀਤਾ ਹੈ ਜਦੋਂ ਕਿ ਡੀਜ਼ਲ ਦੀ ਕੀਮਤ ਵਿੱਚ 25 ਫੀਸਦੀ ਵਾਧਾ ਹੋਇਆ ਹੈ। ਜਿਸ ਨਾਲ ਕਿਸਾਨਾਂ ਦੀ ਫ਼ਸਲ ਤੇ ਲਾਗਤ ਵਧ ਰਹੀ ਹੈ ਅਤੇ ਮੁਨਾਫਾ ਘੱਟ ਮਿਲ ਰਿਹੈ।