ਗੁਰਦਾਸਪੁਰ:6 ਮਾਰਚ 2025 ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਜੀ ਦੇ ਵਿਸ਼ੇਸ਼ ਆਦੇਸ਼ਾਂ ਦੀ ਪਾਲਣਾ ਕਰਦਿਆਂ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਇਸ ਲੜੀ ਤਹਿਤ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਨੁੱਕੜ ਮੀਟਿੰਗ ਅਤੇ ਪਰਾਲੀ ਪ੍ਰਬੰਧਨ ਬਾਰੇ ਖੇਤ ਦਿਵਸ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਡਾਕਟਰ ਅਮਰੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਮੀਟਿੰਗ ਦਾ ਪ੍ਰਬੰਧ ਕਰਨ ਵਿਚ ਸ੍ਰ ਅਤਰ ਸਿੰਘ ਵਲੋਂ ਸਹਿਯੋਗ ਕੀਤਾ ਗਿਆ।ਇਸ ਮੌਕੇ ਡਾ. ਰਸ਼ਪਾਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਡਾਕਟਰ ਹਰਮਨਦੀਪ ਸਿੰਘ,ਡਾਕਟਰ ਜਤਿੰਦਰ ਸਿੰਘ ਖ਼ੇਤੀਬਾੜੀ ਵਿਕਾਸ ਅਫ਼ਸਰ, ਡਾ.ਯਾਦਵਿੰਦਰ ਸਿੰਘ,ਅਰਜਿੰਦਰ ਸਿੰਘ,ਗੁਰਮੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਮੌਸਮ ਅਨਕੂਲ ਹੋਣ ਕਾਰਨ ਕਣਕ ਦੀ ਫ਼ਸਲ ਦੀ ਹਾਲਤ ਬਹੁਤ ਵਧੀਆ ਹੈ ਅਤੇ ਪੈਦਾਵਾਰ ਵਧੇਰੇ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਤੂੜੀ ਬਣਾਉਣ ਤੋਂ ਬਾਅਦ ਬਚੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ।ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜੀਵ ਜੰਤੂ ਅਤੇ ਵਨਸਪਤੀ ਨਸ਼ਟ ਹੋ ਜਾਂਦੀ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਹਰ ਬੁੱਧਵਾਰ ਅਤੇ ਸ਼ੁਕਰਵਾਰ ਨੁੰ ਹਰੇਕ ਸਰਕਲ ਦੇ ਇੱਕ ਪਿੰਡ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਇੱਕ ਵਜੇ ਤੱਕ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਜਿਸ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਅਤੇ ਖੇਤੀ ਮਾਹਿਰ ਮੌਕੇ ਤੇ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ 7000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਡਾ.ਰਸ਼ਪਾਲ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ। ਉਨਾਂ ਨੂੰ ਪੂਰਨ ਉਮੀਦ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਡਾਕਟਰ ਹਰਮਨਦੀਪ ਸਿੰਘ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।ਨੇ ਖੇਤੀ ਜਿਣਸਾਂ ਦੇ ਮੰਡੀਕਰਨ ਬਾਰੇ ਅਤੇ ਡਾ.ਅਰਜਿੰਦਰ ਸਿੰਘ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ।ਡਾਕਟਰ ਯਾਦਵਿੰਦਰ ਸਿੰਘ ਸਟੇਜ ਸਕੱਤਰੀ ਦੇ ਫਰਜ ਨਿਭਾਉਂਦੀਆਂ ਫ਼ਸਲਾਂ ਦੀਆਂ ਬਿਮਾਰੀਆਂ ,ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਅਖੀਰ ਵਿੱਚ ਕਾਰੋਬਾਰੀ ਅਤਰ ਸਿੰਘ ਨੇ ਆਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
















