ਫਰੀਦਕੋਟ, 14 ਜੁਲਾਈ 2020 – ਪੰਜਾਬ ਦੇ ਮੁੱਖ ਮੰਤਰੀ,ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਕੋਰੋਨਾ ਦੀ ਚੇਨ ਨੂੰ ਤੋੜਨ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਜਾਰੀ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 11 ਹੋਰ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹੱਡੀਆਂ ਵਿਭਾਗ ਦੇ 9 ਡਾਕਟਰ ਜਿਨ੍ਹਾਂ ਵਿਚ ਇੰਟਰਸ਼ਿਪ ਕਰ ਰਹੇ ਅਤੇ ਰੈਜੀਡੈਂਟ ਡਾਕਟਰ ਸ਼ਾਮਲ ਹਨ।ਇਸ ਤੋਂ ਇਲਾਵਾ ਇਕ ਹੋਰ ਮਰੀਜ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਮਾਤਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਤੱਕ ਜ਼ਿਲੇ ਦੇ 114 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਚੁੱਕੇ ਹਨ ਅਤੇ 53 ਐਕਟਿਵ ਕੇਸ ਹਨ।ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਜ਼ਿਲੇ ਅੰਦਰ ਪਾਜ਼ੀਟਿਵ ਕੇਸਾਂ ਦੀ ਗਿਣਤੀ ਨੂੰ ਦੇਖਦਿਆਂ ਕਿਹਾ ਕਿ ਸਾਨੂੰ ਸੰਭਲਣ ਦੀ ਲੋੜ ਹੈ,ਜ਼ਿਲਾ ਨਿਵਾਸੀਆਂ ਨੂੰ ਸੁਚੇਤ ਰਹਿਣ,ਲਾਪਰਵਾਹੀ ਨਾ ਵਰਤਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ । ਸਿਹਤ ਵਿਭਾਗ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਜਾਗਰੂਕਤਾ ਸਰਗਰਮੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ,ਵਿਭਾਗ ਵੱਲੋਂ ਸੈਂਪਲਿੰਗ ਤੇਜ ਕਰਨ ਅਤੇ ਲੋਕਾਂ ਨੂੰ ਸੈਂਪਲਿੰਗ ਪ੍ਰਕਿਰਿਆ ਦੀ ਸਹੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।