ਚੰਡੀਗੜ, 23 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕੋਈ ਵੀ ਛੇੜਛਾੜ ਨਹੀਂ ਹੋਣ ਦੇਵੇਗਾ ਜਦਕਿ ਉਹਨਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਦਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਵਿਖਾ ਕੇ ਕਾਂਗਰਸ ਸਰਕਾਰ ਦੀ ਪੋਲ ਖੋਲ• ਦਿੱਤੀ ਕਿਉਂਕਿ ਇਸ ਵਿਚ ਸਪਸ਼ਟ ਵਾਅਦਾ ਕੀਤਾ ਗਿਆ ਸੀ ਕਿ ਪਾਰਟੀ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਸੂਬੇ ਵਿਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਦੀ ਆਗਿਆ ਦੇਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਵੱਲੋਂ ਮੱਕੀ ਉਤਪਾਦਕ ਕਿਸਾਨਾਂ ਦੀ ਜਿਣਸ ਖਰੀਦਣ ਵਿਚ ਅਸਫਲ ਰਹਿਣ ‘ਤੇ ਕਾਂਗਰਸ ਪਾਰਟੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਖੇਤੀਬਾੜੀ ਮਸ਼ੀਨਰੀ ਖਰੀਦੇ ਜਾਣ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਕੀਤੀ।
ਇਥੇ ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਏ ਪੀ ਐਮ ਸੀ ਐਕਟ ਵਿਚ ਸੋਧ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਹੁਣ ਇਸ ਮਾਮਲੇ ‘ਤੇ ਰਾਜਨੀਤੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਖਤਮ ਹੋ ਜਾਵੇਗੀ।
ਉਹਨਾਂ ਕਿਹਾ ਕਿ ਇਹ ਦਾਅਵੇ ਅਸਲੀਅਤ ਤੋਂ ਕੋਹਾਂ ਦੂਰ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਸਮਝਦੇ ਹਾਂ ਤੇ ਹਮੇਸ਼ਾ ਉਹਨਾਂ ਦੇ ਹੱਕਾਂ ਲਈ ਲੜੇ ਹਾਂ। ਉਹਨਾਂ ਕਿਹਾ ਕਿ ਮੈਂ ਦਲੇਰ ਕਿਸਾਨਾਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਖਿਲਾਫ ਕੋਈ ਵੀ ਵਿਤਕਰਾ ਨਹੀਂ ਹੋਣ ਦੇਵੇਗਾ। ਅਸੀਂ ਕਿਸੇ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਨਾ ਸਿਰਫ ਹੁਣ ਬਲਕਿ ਭਵਿੱਖ ਵਿਚ ਵੀ ਛੇੜਖਾਨੀ ਨਹੀਂ ਕਰਨ ਦਿਆਂਗੇ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਹ ਸੰਸਦ ਵਿਚ ਇਹ ਮਾਮਲਾ ਉਠਾਉਣਗੇ ਤੇ ਕੇਂਦਰ ਤੋਂ ਭਰੋਸਾ ਲੈਣਗੇ ਕਿ ਕਣਕ ਅਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕਿਸੇ ਵੀ ਤਰੀਕੇ ਛੇੜਖਾਨੀ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮੈਂ ਕਿਸਾਨ ਸੰਗਠਨਾਂ ਦੇ ਨਾਲ ਚਲ ਕੇ ਉਹਨਾਂ ਨੂੰ ਜੋ ਵੀ ਸਪਸ਼ਟੀਕਰਨ ਚਾਹੀਦਾ ਹੈ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਲੈ ਕੇ ਦੇਣ ਲਈ ਤਿਆਰ ਹਾਂ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਵਿਚ ਮੱਕੀ ਉਤਪਾਦਕ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ 1825 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮਰਥਨ ਮੁੱਲ ਨਿਸ਼ਚਿਤ ਹੋਣ ਦੇ ਬਾਵਜੂਦ ਸੂਬੇ ਦੇ ਦੁਆਬਾ ਖੇਤਰ ਵਿਚ ਮੱਕੀ 600 ਤੋਂ 800 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ। ਉਹਨਾਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਮੁੱਖ ਮੰਤਰੀ ਨੂੰ ਗੂੜ•ੀ ਨੀਂਦ ਵਿਚੋਂ ਜਗਾਉਣ ਤੇ ਸਰਕਾਰ ਮੱਕੀ ਨੂੰ ਜਨਤਕ ਵੰਡ ਪ੍ਰਣਾਲੀ ਦੀ ਵਿਵਸਥਾ ਵਿਚ ਸ਼ਾਮਲ ਕਰੇ ਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਮੱਕੀ ਦੀ ਖਰੀਦ ਕਰੇ। ਉਹਨਾਂ ਕਿਹਾ ਕਿ ਦੁਆਬਾ ਖੇਤਰ ਦੇ ਮੱਕੀ ਉਤਪਾਦਕਾਂ ਨੂੰ ਹੋਰ ਤਬਾਹੀ ਤੋਂ ਬਚਾਉਣ ਲਈ ਅਜਿਹਾ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਾਂਗਰਸ ਸਰਕਾਰ ਉਹ ਯੋਜਨਾ ਲਾਗੂ ਕਰਨ ਵਿਚ ਵੀ ਨਾਕਾਮ ਰਹੀ ਹੈ ਜਿਸ ਤਹਿਤ ਕੇਂਦਰ ਸਰਕਾਰ ਉਹਨਾਂ ਕਿਸਾਨਾਂ ਨੂੰ ਪੈਸੇ ਦਿੰਦੀ ਹੈ ਜੋ ਘੱਟੋ ਘੱਟ ਸਮਰਥਨ ਮੁੱਲ ਨਾਲੋਂ ਘੱਟ ਰੇਟ ‘ਤੇ ਮੱਕੀ ਵੇਚਣ ਲਈ ਮਜਬੂਰ ਹੋਏ ਹੋਣ। ਉਹਨਾਂ ਕਿਹਾ ਕਿ ਹਰਿਆਣਾ ਤੇ ਮੱਧ ਪ੍ਰਦੇਸ਼ ਨੇ ਇਸ ਯੋਜਨਾ ਦਾ ਲਾਭ ਲਿਆ ਹੈ ਜਿਸ ਲਈ ਕੇਂਦਰ ਸਰਕਾਰ ਨੇ ਇਸ ਸਾਲ 14 ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਹੈ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਾਈਵੇਟ ਕੰਪਨੀਆਂ ਤੋਂ ਖੇਤੀਬਾੜੀ ਮਸ਼ੀਨਰੀ ਮਹਿੰਗੇ ਭਾਅ ਖਰੀਦਣ ਦੇ ਬਹੁ ਕਰੋੜੀ ਘੁਟਾਲੇ ਦੀ ਸੀ ਬੀ ਆਈ ਜਾਂਚ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਤੋਂ ਖੇਤੀਬਾੜੀ ਮਸ਼ੀਨਰੀ ਦੀ ਖਰੀਦ ਵਿਚ ਘੁਟਾਲਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਜੋ ਮਸ਼ੀਨਰੀ ਖਰੀਦੀ ਗਈ, ਉਹ ਖੁਲ•ੀ ਮਾਰਕੀਟ ਵਿਚ ਉਪਲਬਧ ਮਸ਼ੀਨਰੀ ਨਾਲੋਂ ਕਿਤੇ ਮਹਿੰਗੇ ਭਾਅ ਖਰੀਦੀ ਗਈ ਤੇ ਇਸਦੀ ਕਵਾਲਟੀ ਵੀ ਮਾੜੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਸਿੱਧੀ ਦਿੱਤੀ ਜਾਣੀ ਚਾਹੀਦੀ ਸੀ ਤੇ ਉਹਨਾਂ ਨੂੰ ਲੋੜ ਮੁਤਾਬਕ ਮਸ਼ੀਨਰੀ ਦੀ ਖਰੀਦ ਦੀ ਆਗਿਆ ਦੇਣੀ ਚਾਹੀਦੀ ਸੀ। ਉਹਨਾਂ ਮੰਗ ਕੀਤੀ ਕਿ ਸਾਰੇ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ ਕਿਉਂਕਿ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਵਿਚ ਸਰਕਾਰੀ ਅਫਸਰ ਸਿਆਸਤਦਾਨਾਂ ਨਾਲ ਰਲ ਗਏ ਹਨ।
ਇਸ ਮੌਕੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।