ਚੰਡੀਗੜ, 28 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਲਾਹੌਰ ਸਥਿਤ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਬਦਲਣ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆਜਾਵੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਪਵਿੱਤਰ ਅਸਥਾਨ ਦਾ ਸਰੂਪ ਕਿਸੇ ਵੀ ਤਰੀਕੇ ਬਦਲਿਆ ਨਾ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਤੋਂ ਆ ਰਹੀਆਂ ਰਿਪੋਰਟਾਂ ਤੋਂ ਅਜਿਹੇ ਸੰਕੇਤ ਮਿਲੇ ਹਨ ਕਿ 18ਵੀਂ ਸਦੀ ਦੀ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੀ ਯਾਦਗਾਰ ਜੋ ਗੁਰਦੁਆਰਾ ਸਾਹਿਬ ਦੇ ਰੂਪ ਵਿਚ ਹੈ, ਨੂੰ ਮਸਜਿਦ ਵਿਚ ਬਦਲਣ ਦੇ ਯਤਨ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਜਿਹੇ ਯਤਨਾਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਤੋਂ ਸਪਸ਼ਟ ਭਰੋਸਾ ਲਿਆ ਜਾਣਾ ਚਾਹੀਦਾ ਹੈ ਕਿ ਅਜਿਹੇ ਯਤਨਾਂ ਦੀ ਆਗਿਆ ਹੀ ਨਹੀਂ ਦਿੱਤੀ ਜਾਵੇਗੀ ਅਤੇ ਲਾਹੌਰ ਦੇ ਨੌਲੱਖਾ ਬਜ਼ਾਰ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਸਰੂਪ ਨੂੰ ਬਦਲਣ ਦੇ ਯਤਨ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਡਾ. ਐਸ ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਸਾਰੇ ਸਿੱਖ ਤੇ ਹਿੰਦੂ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮਾਮਲਾ ਪਾਕਿਸਤਾਨ ਵਿਚ ਸਰਵ ਉਚ ਪੱਧਰ ‘ਤੇ ਚੁੱਕਣ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿੱਖ ਤੇ ਹਿੰਦੂ ਭਾਈਚਾਰਿਆਂ ਨੂੰ ਆਪਣੇ ਧਰਮ ਦੀ ਪਾਲਣਾ ਕਰਦਿਆਂ ਕਿਸੇ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।