ਸ੍ਰੀ ਮੁਕਤਸਰ ਸਾਹਿਬ, 31 ਜੁਲਾਈ 2020 – ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਵੱਲੋਂ ਪਿਛਲੇ ਦਿਨੀਂ ਦਿੱਤੇ ਇੱਕ ਬਿਆਨ ਤੋਂ ਬਾਅਦ ਇਹ ਮਸਲਾ ਭੱਖਦਾ ਹੀ ਜਾ ਰਿਹਾ ਹੈ। ਵੀਰਪਾਲ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਹੁਣ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ‘ਚ ਅਕਾਲੀ ਆਗੂਆਂ ਨੇ ਥਾਣਾ ਸਦਰ ਤੇ ਥਾਣਾ ਸਿਟੀ ਵਿਖੇ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਥਾਣਾ ਸਦਰ ਤੇ ਥਾਣਾ ਸਿਟੀ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ‘ਚ ਪੁੱਜੇ ਅਕਾਲੀ ਆਗੂਆਂ ਨੇ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਵੱਲੋਂ ਬੀਤੇ ਦਿਨੀਂ ਸਿਰਸਾ ਡੇਰੇ ਦੇ ਮੁਖੀ ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵੀਰਪਾਲ ਕੌਰ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਕੇ ਉਸਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਵੀਰਪਾਲ ਕੌਰ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਇੱਕ ਵਫ਼ਦ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੰਡੀਗੜ੍ਹ ਦੇ ਐਸਐਸਪੀ ਨੂੰ ਮਿਲਕੇ ਮੰਗ ਪੱਤਰ ਦਿੰਦਿਆਂ ਵੀਰਪਾਲ ਕੌਰ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ।