ਸੰਗਰੂਰ, 31 ਜੁਲਾਈ 2020 – ਦੇਸ਼ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਹੈ। ਮਹਾਨ ਸੂਰਬੀਰਾਂ ਦੀ ਯਾਦ ਤਾਜ਼ਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਮਹਾਨ ਸ਼ਾਹਦਤਾਂ ਤੋਂ ਜਾਣੂ ਹੋ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸ਼ਹੀਦ ਊਧਮ ਸਿੰਘ ਜੀ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਊਧਮ ਸਿੰਘ ਵਾਲਾ ਸੁਨਾਮ ਵਿਖੇ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਦਾਮਨ ਥਿੰਦ ਬਾਜਵਾ ਸਮੇਤ ਹੋਰਨਾਂ ਵੱਖ-ਵੱਖ ਹਸਤੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਦਿਆਂ ਹੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਦੀਵੀ ਬਣਾਉਣ ਲਈ ਯਾਦਗਾਰ ਦਾ ਕੰਮ ਲੋਕਾਂ ਦੀ ਮੰਗ ਅਨੁਸਾਰ 2 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਯਾਦਗਾਰ ਬਣਾਉਣ ਦਾ ਕੰਮ ਇਸੇ ਸਾਲ ਸਤੰਬਰ ਮਹੀਨੇ ਤੱਕ ਪੂਰਾ ਕਰਵਾ ਲਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਹੁਣ ਓਪਨ ਏਅਰ ਥਿਅੇਟਰ ਦੀ ਜਗਾ ਅਜਾਇਬ ਘਰ ਬਣਾਇਆ ਜਾ ਰਿਹਾ ਹੈ ਜਿਸ ’ਚ ਸ਼ਹੀਦ ਊਧਮ ਸਿੰਘ ਜੀ ਦੀਆਂ ਨਿਸ਼ਾਨੀਆਂ ਨੂੰ ਰੱਖਿਆ ਜਾਵੇਗਾ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜਾਇਬ ਘਰ ਦੀ ਉਸਾਰੀ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਵਸਤੂਆਂ ਨੂੰ ਲੰਡਨ ਤੋਂ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਕੇਂਦਰੀ ਸਰਕਾਰ ਨੂੰ ਲਿਖਿਆ ਜਾਵੇਗਾ ਅਤੇ ਇਹ ਸਾਮਾਨ ਭਾਰਤ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਹਰ ਹੀਲਾ ਵਸੀਲਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਕੰਮ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਹਰ ਉਸ ਕੌਮੀ ਤੇ ਕੌਮਾਂਤਰੀ ਏਜੰਸੀ ਨਾਲ ਰਾਬਤਾ ਕੀਤਾ ਜਾਵੇਗਾ ਜਿਸਦਾ ਸਬੰਧ ਇਨਾਂ ਨਿਸ਼ਾਨੀਆਂ ਨੂੰ ਇਸ ਅਜਾਇਬਘਰ ਤੱਕ ਲੈ ਕੇ ਆਉਣ ਨਾਲ ਹੋਵੇਗਾ।
ਇਸ ਮੌਕੇ ਐਸ.ਡੀ.ਐਮ ਸੁਨਾਮ ਸ੍ਰੀਮਤੀ ਮਨਜੀਤ ਕੌਰ ਤੇ ਹਰਮਨਦੇਵ ਸਿੰਘ ਬਾਜਵਾ ਸਮੇਤ ਇਲਾਕਾ ਵਾਸੀ ਵੀ ਹਾਜ਼ਰ ਸਨ।