ਚੰਡੀਗੜ੍ਹ, 31 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਮੌਜੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਅਤੇ ਪੰਜਾਬ ਵਿੱਚ ਨਾਜ਼ਾਇਜ ਸ਼ਰਾਬ ਦਾ ਧੰਦਾ ਸਿਖਰ ਤੇ ਹੈ|
ਉਨ੍ਹਾਂ ਕਿਹਾ ਕਿ ਸ਼ਰਾਬ ਨਾਲ ਸੰਬੰਧਤ ਮਹਿਕਮਾ ਪੰਜਾਬ ਦੇ ਮੁੱਖ ਮੰਤਰੀ ਸ੍ਰ. ਕੈਪਟਨ ਅਮਰਿੰਦਰ ਸਿੰਘ ਅਧੀਨ ਆਉਂਦਾ ਹੈ ਜਿਸ ਕਰਕੇ ਨਾਜਾਇਜ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਖੁਦ ਜਵਾਬਦੇਹ ਹਨ| ਉਹਨਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਅੰਦਰ ਦਿਨ ਦਿਹਾੜੇ ਚੱਲ ਰਹੀਆਂ ਸ਼ਰਾਬ ਦੀਆਂ ਨਜ਼ਾਇਜ ਫੈਕਟਰੀਆਂ ਖਿਲਾਫ ਕੋਈ ਕਾਰਵਾਈ ਨਾ ਹੋਣ ਕਰਕੇ 20 ਤੋਂ ਵੀ ਵੱਧ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ| ਉਹਨਾਂ ਕਿਹਾ ਕਿ ਸਰਕਾਰ ਵਿੱਚ ਬੈਠੇ ਲੋਕਾਂ ਵਲੋਂ ਅਜਿਹੇ ਗੈਰ-ਕਾਨੂੰਨੀ ਧੰਦਿਆਂ ਨੂੰ ਸ਼ਹਿ ਦੇਣ ਕਾਰਨ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਲਿਆ ਖੜ੍ਹਾ ਕਰ ਦਿੱਤਾ ਗਿਆ|
ਉਹਨਾਂ ਕਿਹਾ ਕਿ ਜੇਕਰ ਸੱਚਮੁੱਚ ਮੁੱਖ ਮੰਤਰੀ ਲੋਕਾਂ ਨੂੰ ਇਨਸਾਫ ਦਵਾਉਣ ਅਤੇ ਅਸਲ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਦੇਖਣ ਦੀ ਗੱਲ ਕਰ ਰਹੇ ਹਨ ਤਾਂ ਇਸ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ|