ਮੁੱਛਲ(ਅੰਮ੍ਰਿਤਸਰ), 1 ਅਗਸਤ 2020 – ਪਿੰਡ ਮੁੱਛਲ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਉਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਦੁਖੀ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੁੰਦੇ ਮੁੱਖ ਮੰਤਰੀ ਵੱਲੋਂ ਮਾਰੇ ਗਏ ਵਿਅਕਤੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਇਕ-ਇਕ ਲੱਖ ਰੁਪਏ ਦੀ ਫੌਰੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਰੇ ਮਾਮਲੇ ਉੱਤੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਨ੍ਹਾਂ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਡਿੰਪਾ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 50 ਤੋਂ ਵੱਧ ਛਾਪੇ ਮਾਰੇ ਗਏ ਹਨ ਅਤੇ ਹੁਣ ਤੱਕ 8 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਡਿੰਪਾ ਨੇ ਭਰੋਸਾ ਦਿੱਤਾ ਕਿ ਇਸ ਵਿਚ ਸ਼ਾਮਿਲ ਸਾਰੇ ਦੋਸ਼ੀ ਫੜੇ ਜਾਣਗੇ ਅਤੇ ਉਨ੍ਹਾਂ ਦੀਆਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਘਟੀਆ ਕੰਮ ਕਰਨ ਦੀ ਜ਼ੁਰਅਤ ਨਾ ਕਰੇ।
ਡਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਐਸ ਐਸ ਪੀ ਅੰਮ੍ਰਿਤਸਰ ਧੁਰਵ ਦਾਹੀਆ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਜਾਂਚ ਕਰ ਰਹੀ ਹੈ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਸ਼ਾਮਿਲ ਸਾਰੇ ਦੋਸ਼ੀ ਕਾਬੂ ਕੀਤੇ ਜਾਣਗੇ।
ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਸਪਤਾਲ ਵਿਚ ਇਲਾਜ ਅਧੀਨ ਸਾਰੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਤਰਫੋਂ ਕਰਵਾਉਣ ਦਾ ਐਲਾਨ ਕਰਦੇ ਕਿਹਾ ਕਿ ਇਸ ਘਿਨਾਉਣੇ ਕਾਰੇ ਵਿਚ ਸ਼ਾਮਿਲ ਸਾਰੇ ਦੋਸ਼ੀ, ਚਾਹੇ ਉਹ ਕਿਸੇ ਵੀ ਅਹੁਦੇ ਉਤੇ ਕਿਉਂ ਨਾ ਹੋਣ, ਬਖਸ਼ੇ ਨਹੀ ਜਾਣਗੇ। ਇਸ ਮੌਕੇ ਡਿੰਪਾ ਅਤੇ ਡੈਨੀ ਪਿੰਡ ਵਿਚ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ਉਤੇ ਲਗਾਏ ਗਏ ਧਰਨੇ ਵਿਚ ਵੀ ਗਏ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹਰ ਤਰ੍ਹਾਂ ਦੀ ਮਦਦ ਅਤੇ ਇਨਸਾਫ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਧੂ ਸਿੰਘ, ਐਸ ਐਸ ਪੀ ਧੁਰਵ ਦਾਹੀਆ, ਐਸ ਡੀ ਐਮ ਮੇਜਰ ਸੁਮਿਤ ਮੁੱਧ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।