ਪਟਿਆਲਾ, 3 ਅਗਸਤ, 2020 : ਕਲਿਆਣ ਪਿੰਡ ਦੇ ਗੁਰਦੁਆਰਾ ਸੰਤ ਕ੍ਰਿਪਾਲਸਰ ਅਰਦਾਸਪੁਰਾ ਵਿਚੋਂ 100 ਸਾਲ ਪੁਰਾਣਾ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਜਦਕਿ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਦਾ ਦੌਰਾ ਕੀਤਾ ਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨਾਲ ਲੰਬੀ ਮੀਟਿੰਗ ਕੀਤੀ।
ਜਾਣਕਾਰੀ ਮੁਤਾਬਕ ਪਿੰਡ ਦੀ ਗੁਰਦੁਆਰਾ ਕਮੇਟੀ ਨੇ ਸੀ ਸੀ ਟੀ ਵੀ ਫੁਟੇਜ ਆਪਣੇ ਕਬਜ਼ੇ ਵਿਚ ਲੈਣ ਲਈ ਪੁਲਿਸ ਨੂੰ ਬੇਨਤੀ ਕੀਤੀ ਸੀ ਜਿਸ ਮਗਰੋਂ ਪੁਲਿਸ ਅੱਜ ਹਰਕਤ ਵਿਚ ਆ ਗਈ। ਉਸਨੇ ਸੀ ਸੀ ਟੀ ਵੀ ਕੈਮਰਿਆਂ ਦਾ ਰਿਕਾਰਡ ਵਾਲਾ ਡੀ ਵੀ ਆਰ ਆਪਣੇ ਕਬਜ਼ੇ ਵਿਚ ਲੈ ਲਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿੰਡ ਪੁੱਜ ਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਤੇ ਪਿੰਡ ਵਾਲਿਆਂ ਨਾਲ 4 ਘੰਟੇ ਤੋਂ ਵੱਧ ਸਮੇਂ ਲਈ ਮੀਟਿੰਗ ਕੀਤੀ। ਉਹਨਾਂ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਸਨ। ਲੌਂਗੋਵਾਲ ਨੇ ਕਿਹਾ ਕਿ ਸਰੂਪ ਚੋਰੀ ਕਰਨ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਹਨਾਂ ਮਾਮਲੇ ਦੀ ਪੜਤਾਲ ਲਈ ਗਠਿਤ ਕੀਤੀ ਪੰਜ ਕਮੇਟੀ ਤੋਂ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਭਾਈ ਲੌਂਗੋਵਾਲ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਮਾਮਲੇ ਦੀ ਜਾਂਚ ਜਲਦੀ ਤੋਂ ਜਲਦੀ ਸ਼ੁਰੂ ਕਰੇ ਤਾਂ ਜੋ ਦੋਸ਼ੀ ਫੜਿਆ ਜਾ ਸਕੇ।