ਪਟਿਆਲਾ, 7 ਅਗਸਤ 2020 :ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਨ ਸਰੂਪ ਨੂੰ ਚੋਰੀ ਕਰਨ ਦੇ ਦੋਸ਼ੀਆਂ ਨੂੰ ਪਟਿਆਲਾ ਪੁਲਿਸ ਵੱਲੋਂ ਜਲਦ ਬੇਪਰਦ ਕੀਤਾ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਜਲਦਬਾਜੀ ‘ਚ ਕਿਸੇ ਬੇਦੋਸ਼ੇ ਨੂੰ ਵੀ ਫੜਕੇ ਅੰਦਰ ਨਹੀਂ ਕੀਤਾ ਜਾ ਸਕਦਾ।
ਸ. ਧਰਮਸੋਤ ਅੱਜ ਪਟਿਆਲਾ ਵਿਖੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ ਦਲ ਵੱਲੋਂ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਸਬੰਧੀਂ ਕੀਤੇ ਸਵਾਲ ਦਾ ਜਵਾਬ ਦਿੰਦਆਂ ਸ. ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਦੀ ਆਪਣੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਬਰਗਾੜੀ ਵਰਗੇ ਭਿਆਨਕ ਕਾਂਡ ਹੋਏ, ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਸਵਾਲ ਉਠਾਉਣ ਦਾ ਕੋਈ ਅਧਿਕਾਰ ਨਹੀਂ।
ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੋਚ ‘ਤੇ ਤਰਸ ਆਉਂਦਾ ਹੈ, ਕਿ ਜੋ ਉਸ ਸ਼ਖ਼ਸੀਅਤ ਨੂੰ ਮਰਿਆਦਾ ਦਾ ਪਾਠ ਪੜ੍ਹਾ ਰਹੇ ਹਨ, ਜਿਨ੍ਹਾਂ ਦੇ ਪੁਰਖਿਆਂ ‘ਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਹੈ। ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਦੁਖਦਾਈ ਹਨ ਪਰੰਤੂ ਕੈਪਟਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਕਤਲ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਆਪਣੀ ਸਰਕਾਰ ਸਮੇਂ ਚਿੱਟੇ ਤੇ ਹੋਰ ਨਸ਼ਿਆਂ ਰੂਪੀ ਜਹਿਰ ਦੀ ਖੇਤੀ ਕੀਤੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ‘ਤੇ ਸਵਾਲ ਉਠਾਉਣ ਦਾ ਵੀ ਕੋਈ ਅਧਿਕਾਰ ਨਹੀਂ ਹੈ।