ਸਰੀ, 11 ਅਗਸਤ 2020-ਨਾਮਵਰ ਵਿਦਵਾਨ ਤੇ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਡਾ. ਹਰਿਭਜਨ ਸਿੰਘ ਦੇ 100ਵੇਂ ਜਨਮ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ 16 ਅਗਸਤ 2020 ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਰੁੱਕਸਾਈਡ, ਸਰੀ ਵਿਖੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਬਰੁੱਕਸਾਈਡ ਦੇ ਪ੍ਰਧਾਨ ਸੁਰਿੰਦਰ ਸਿੰਘ ਜੱਬਲ ਅਤੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਦੇ ਬਾਨੀ ਜੈਤੇਗ ਸਿੰਘ ਅਨੰਤ ਨੇ ਦੱਸਿਆ ਹੈ ਕਿ ਕੋਵਿਡ-19 ਦੇ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿੱਚ 50 ਬੰਦਿਆਂ ਦੀ ਹਾਜਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਸਮਾਗਮ ਵਿਚ ਡਾਕਟਰ ਹਰਿਭਜਨ ਸਿੰਘ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਰਚਨਾ ਬਾਰੇ ਵਿਦਵਾਨ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਸਮਾਗਮ ਰਾਹੀਂ ਪੰਜਾਬੀ ਮਾਂ ਬੋਲੀ ਦੇ ਇਸ ਮਹਾਨ ਸਾਹਿਤਕਾਰ ਅਤੇ ਬਹੁਪੱਖੀ ਸ਼ਖ਼ਸੀਅਤ ਦੇ ਖੂਬਸੂਰਤ ਪੱਖਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਆਲਮੀ ਪੰਜਾਬੀ ਜਗਤ ਨੂੰ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਜਾਵੇਗਾ ਕਿ ਲੋਕਾਂ ਨੂੰ ਆਪਣੇ ਵਿਰਸੇ ਅਤੇ ਵਿਰਾਸਤ ਨਾਲ ਜੋੜਿਆ ਜਾਵੇ। ਇਸ ਮੌਕੇ ਬੀਸੀ ਦੇ ਦੋ ਪੰਜਾਬੀ ਸਾਹਿਤਕਾਰਾਂ ਨੂੰ ਡਾ. ਹਰਿਭਜਨ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਡਾਕਟਰ ਹਰਿਭਜਨ ਸਿੰਘ ਇੱਕ ਸਰਬ ਕਲਾ ਸੰਪੰਨ ਅਕਾਦਮੀਸ਼ਨ ਸਨ। ਉਹ ਪੰਜਾਬੀ, ਹਿੰਦੀ, ਅੰਗਰੇਜ਼ੀ, ਫਾਰਸੀ ਦੇ ਗਿਆਤਾ, ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ, ਮਹਾਨ ਚਿੰਤਕ, ਸਫ਼ਲ ਅਧਿਆਪਕ, ਚੋਟੀ ਦੇ ਸਮੀਖਿਆਕਾਰ ਅਤੇ ਉੱਚ ਪਾਏ ਦੇ ਅਨੁਵਾਦਕ ਸਨ। ਉਨ੍ਹਾਂ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਵਿੱਚ 106 ਤੋਂ ਵੱਧ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਹਨ।