ਮੋਗਾ, 11 ਅਗਸਤ 2020 : ਕੋਵਿਡ 19 ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲਿਆ ਹੋਇਆ ਹੈ ਅਤੇ ਇਸਤੋਂ ਛੁਟਕਾਰਾ ਪਾਉਣ ਲਈ ਵੱਖ ਵੱਖ ਦੇਸ਼ਾਂ ਅਤੇ ਸੂਬਿਆਂ ਵੱਲੋਂ ਆਪਣੇ ਆਪਣੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਅਤੇ ਜਨ ਜੀਵਨ ਆਮ ਵਾਂਗ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਹਿ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਿਹਤ, ਪੁਲਿਸ ਅਤੇ ਹੋਰ ਵਿਭਾਗਾਂ ਵੱਲੋਂ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਸੁਰੱਖਿਆ ਦੇ ਨਾਲ ਨਾਲ ਕੋਵਿਡ 19 ਦੇ ਫੈਲਾਅ ਨੂੰ ਰੋਕਣ ਵਿਚ ਮੋਗਾ ਪੁਲਿਸ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੌਜੂਦਾ ਸਥਿਤੀ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੁਲਿਸ ਦੇ 914 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਕੋਵਿਡ 19 ਦੇ ਫੈਲਾਅ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਉਹਨਾਂ ਦੱਸਿਆ ਕਿ ਜੇਕਰ ਹੁਣ ਤੱਕ 603 ਆਮ ਲੋਕ ਇਸ ਬਿਮਾਰੀ ਦੇ ਸ਼ਿਕਾਰ ਹੋਏ ਹਨ ਤਾਂ ਉਹਨਾਂ ਵਿੱਚ ਮੋਗਾ ਪੁਲਿਸ ਦੇ 76 ਅਧਿਕਾਰੀ ਅਤੇ ਕਰਮਚਾਰੀ ਵੀ ਸ਼ਾਮਿਲ ਹਨ। ਜਿਨ੍ਹਾਂ ਵਿਚੋਂ 32 ਹਾਲੇ ਵੀ ਇਲਾਜ਼ ਅਧੀਨ ਹਨ ਜਦਕਿ 44 ਨੇ ਇਸ ਬਿਮਾਰੀ ਉੱਤੇ ਫਤਹਿ ਹਾਸਿਲ ਕਰ ਲਈ ਹੈ। ਜ਼ਿਲ੍ਹਾ ਪੁਲਿਸ ਦੇ 1283 ਸ਼ੱਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਏ ਗਏ ਸਨ। ਇਸ ਮਹਾਂਮਾਰੀ ਦਾ ਸ਼ਿਕਾਰ ਹੋਣ ਵਾਲਿਆਂ ਵਿਚ 2 ਗਜਟਿਡ ਅਧਿਕਾਰੀ ਵੀ ਸ਼ਾਮਿਲ ਹਨ।
ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਦੇ ਟਰੈਫਿਕ ਸਿੱਖਿਆ ਸੈੱਲ ਵੱਲੋਂ ਰੋਜ਼ਾਨਾ ਲੋਕਾਂ ਨੂੰ ਰਸਤਿਆਂ ਚੌਰਾਹਿਆਂ ਉਪਰ ਇਸ ਬਿਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਦੀਆਂ ਹਦਾੲਿਤਾਂ ਦੀ ਪਾਲਣਾ ਕਰਨ ਲਈ ਸਮਝਾਇਆ ਜਾਂਦਾ ਹੈ। ਉਹਨਾਂ ਦੱਸਿਆ ਪੁਲਿਸ ਵੱਲੋਂ ਹੁਣ ਤੱਕ 78000 ਤੋਂ ਵਧੇਰੇ ਮਾਸਕ ਅਤੇ ਹੋਰ ਸਹਾਇਕ ਸਮੱਗਰੀ ਦੀ ਵੰਡ ਵੀ ਕੀਤੀ ਜਾ ਚੁੱਕੀ ਹੈ।
ਗਿੱਲ ਨੇ ਉਮੀਦ ਕੀਤੀ ਕਿ ਜਿਸ ਤਰ੍ਹਾਂ ਜ਼ਿਲ੍ਹਾ ਮੋਗਾ ਦੇ ਲੋਕਾਂ ਵੱਲੋਂ ਪੁਲਿਸ ਨੂੰ ਕੋਵਿਡ 19 ਮਹਾਂਮਾਰੀ ਦੌਰਾਨ ਸਹਿਯੋਗ ਦਿੱਤਾ ਜਾ ਰਿਹਾ ਉਹ ਉਸੇ ਤਰ੍ਹਾਂ ਭਵਿੱਖ ਵਿਚ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹੈ।