ਮੋਗਾ, 14 ਅਗਸਤ 2020 – ਮੋਗਾ ਡੀ.ਸੀ. ਕੰਪਲੈਕਸ ਉੱਪਰ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਖਾਲਿਸਤਾਨ ਦਾ ਝੰਡਾ ਲਹਿਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਪੁਲਿਸ ਵਿੱਚ ਭਗਦੜ ਮਚ ਗਈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰ 2 ਅਣਪਛਾਤੇ ਨੌਜਵਾਨਾਂ ਵੱਲੋਂ ਤਿਰੰਗੇ ਝੰਡੇ ਨੂੰ ਉਤਾਰ ਕੇ ਉਸ ਦੀ ਥਾਂ ‘ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ ਗਿਆ। ਉਕਤ ਨੌਜਵਾਨ ਤਿਰੰਗਾ ਝੰਡਾ ਵੀ ਆਪਣੇ ਨਾਲ ਲੈ ਗਏ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਨੌਜਵਾਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰਨ ਦੇ ਨਾਲ-ਨਾਲ ਸ਼ਹਿਰ ‘ਚ ਨਾਕੇਬੰਦੀ ਵੀ ਕਰ ਦਿੱਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਕਾਂਗਰਸੀ ਐਮ.ਪੀ ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਇਸ ਘਟਨਾ ਲਈ ਜਥੇਦਾਰ ਅਕਾਲ ਤਖਤ ਅਤੇ ਗੁਰਪਤਵੰਤ ਸਿੰਘ ਪੰਨੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਲਿਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਜਦੋਂ ਇੰਨ੍ਹਾਂ ਦੇਸ਼ ਵਿਰੋਧੀ ਲੋਕਾਂ ਦੇ ਮੱਥੇ ‘ਤੇ ‘ਗੱਦਾਰ’ ਖੁਰੇਦ ਦੇਣਾ ਚਾਹੀਦਾ ਹੈ।