ਅੰਮ੍ਰਿਤਸਰ, 19 ਅਗਸਤ 2020 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ।। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ।
ਨਗਰ ਕੀਰਤਨ ‘ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਬਲਦੇਵ ਸਿੰਘ ਚੂੰਘਾਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱੱਲ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਬਚਨ ਸਿੰਘ ਲੇਹਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ ਆਦਿ ਸ਼ਾਮਲ ਸਨ।