ਚੰਡੀਗੜ੍ਹ, 29 ਅਗਸਤ 2020 – ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਸੂਬਾ ਪ੍ਰਧਾਨ ਅਤੇ ਕੌਮੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਆਖਿਆ ਕਿ ਕੈਪਟਨ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਕਿਸਾਨਾਂ ਦੇ ਹੱਕਾਂ ਲਈ ਮਤੇ ਪਾਸ ਕਰਵਾ ਕੇ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਸੋਧ ਬਿੱਲਾਂ/ਆਰਡੀਨੈਂਸਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਦਿਲਾਂ ਅੰਦਰ ਹੋਰ ਜਗ੍ਹਾ ਬਣਾਈ ਹੈ।
ਪਹਿਲਾਂ 2004 ਵਿੱਚ ਪੰਜਾਬ ਦਾ ਪਾਣੀ ਬਚਾਉਣ ਲਈ ਇਤਿਹਾਸਕ ਕਦਮ ਚੁੱਕਿਆ ਸੀ ਹੁਣ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਦਾ ਮਸੀਹਾ ਅਮਰਿੰਦਰ ਸਿੰਘ ਹੈ ਬਾਦਲ ਦਾ ਕੁਣਬਾ ਕੇਵਲ ਕਿਸਾਨਾਂ ਨੂੰ ਗੁੰਮਰਾਹ ਹੀ ਕਰਦਾ ਰਿਹਾ ਹੈ। ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨੀ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ ਮੋਦੀ ਸਰਕਾਰ ਤੇ ਬਾਦਲਕਿਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਵੀ ਕਰਾਰ ਦਿੱਤਾ ਹੈ।
ਬਡਹੇੜੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਰਿਹਾ ਹੈ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਵੱਲੋਂ ਲਿਆਂਦੀ ਚਿੱਠੀ ਵਿਖਾ ਕੇ ਕਿਸਾਨਾਂ ਨੂੰ ਭੰਬਲਭੂਸੇ ‘ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਦੋਹਰੇ ਮਾਪਦੰਡਾਂ ਕਾਰਨ ਸੁਚੇਤ ਹੋਣ ਦੀ ਲੋੜ ਹੈ। ਕਿਸਾਨਾਂ ਨੂੰ ਬਾਦਲਾਂ ਅਤੇ ਉਸ ਦੇ ਝੋਲ਼ੀ ਚੁੱਕ ਅਹੁਦੇਦਾਰਾਂ ਦੇ ਘਰਾਂ ਅੱਗੇ ਰੋਸ ਵਿਖਾਵੇ ਕਰਨੇ ਚਾਹੀਦੇ ਹਨ।