ਬਠਿੰਡਾ, 3 ਸਤੰਬਰ, 2020 : ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਚੇਅਰ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਰਾਘਵੇਂਦਰ ਪੀ ਤਿਵਾੜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਇਸ ਬਾਰੇ ਜਾਣੂੰ ਕਰਵਾਇਆ ਅਤੇ ਸਹਿਯੋਗ ਦੀ ਮੰਗ ਕੀਤੀ ਹੈ।ਇਸ ਮੌਕੇ ਪ੍ਰੋ: ਰਾਘਵੇਂਦਰ ਪੀ. ਤਿਵਾੜੀ ਨੇ ਐਸਜੀਪੀਸੀ ਦੇ ਪ੍ਰਧਾਨ ਨਾਲ ਪੰਜਾਬ ਦੀ ਧਰਤੀ ਤੇ ਸਿੱਖ ਧਰਮ ਨਾਲ ਸਬੰਧਤ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ।
ਵਾਈਸ-ਚਾਂਸਲਰ ਪ੍ਰੋ: ਤਿਵਾੜੀ ਨੇ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਮਾਨਵਤਾ ਅਤੇ ਏਕਤਾ ਦੇ ਗੁਣਾ ਨਾਲ ਭਰਪੂਰ ਅਮੀਰ ਪੰਜਾਬੀ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਸੀਯੂਪੀਬੀ ਲਾਇਬ੍ਰੇਰੀ ਵਿਖੇ ‘ਸਿੱਖ ਇਤਿਹਾਸ’ ਦਾ ਵਿਸ਼ੇਸ਼ ਭਾਗ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨਾਂ ਐਸ ਜੀ ਪੀ ਸੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਇਸ ਪਹਿਲਕਦਮੀ ਨੂੰ ਹੋਰ ਅੱਗੇ ਲਿਜਾਣ ਲਈ ‘ਸਿੱਖ ਸਾਹਿਤ’ ਪ੍ਰਦਾਨ ਕਰਵਾਉਣ ਅਤੇ ਕਾਰਜ ਨੂੰ ਨੇਪਰੇ ਚਾੜਨ ਲਈ ਸਹਾਇਤਾ ਦੇਣ ।
ਇਸ ਮੌਕੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਾਈਸ ਚਾਂਸਲਰ ਪ੍ਰੋ: ਰਾਘਵੇਂਦਰ ਪੀ ਤਿਵਾੜੀ ਅਤੇ ਰਜਿਸਟਰਾਰ ਕੇ.ਪੀ. ਐਸ ਮੁੰਦਰਾ ਨੂੰ ‘ਸੰਤ ਹਰਚੰਦ ਸਿੰਘ ਲੌਂਗੋਵਾਲ – ਅਧਿਆਤਮਿਕਤਾ ਤੋਂ ਰਾਜਨੀਤੀ ਵੱਲ ਨਾਮਕ ਪੁਸਤਕ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ: ਤਿਵਾੜੀ ਨੂੰ ਭਰੋਸਾ ਦਿਵਾਇਆ ਕਿ ਸਿੱਖ ਵਿਰਾਸਤ ਅਤੇ ਅਮੀਰ ਪੰਜਾਬੀ ਸਭਿਆਚਾਰ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਯੂਨੀਵਰਸਿਟੀ ਨੂੰ ਹਰ ਸਹਾਇਤਾ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ।