ਸ੍ਰੀ ਮੁਕਤਸਰ ਸਾਹਿਬ, 3 ਸਤੰਬਰ 2020 – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੇ ਸਮੇਂ ਬਾਅਦ ਆਪਣੀ ਚੁੱਪੀ ਤੋੜਦਿਆਂ ਆਪਣੇ ਗ੍ਰਹਿ ਪਿੰਡ ਬਾਦਲ ਤੋਂ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੀ ਅਜ਼ਾਦੀ, ਪੰਜਾਬ ਦੇ ਹਿੱਤਾਂ ਦੀ ਰਾਖ਼ੀ ਅਤੇ ਕਿਸਾਨੀ ਦੀ ਬਿਹਤਰੀ ਲਈ ਲੰਬਾ ਸੰਘਰਸ਼ ਕੀਤਾ ਹੈ ਅਤੇ ਦੇਸ਼ ਦੀ ਅਮਨ-ਸ਼ਾਂਤੀ ਲਈ ਬਣਦੇ ਜ਼ਰੂਰੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪੰਜਾਬ ਦੇ ਹਿੱਤਾਂ ਲਈ ਹਰ ਤਰ੍ਹਾਂ ਦੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਹਰ ਲੜਾਈ ਅੱਗੇ ਹੋ ਕੇ ਲੜੀ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਅਗਾਂਹਵਧੂ ਅਤੇ ਲੰਬੀ ਸੋਚ ਰੱਖ ਕੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਫੋਕਲ ਪੁਆਇੰਟ ਬਣਾਏ ਗਏ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਫੋਕਲ ਪੁਆਇੰਟਾਂ ’ਤੇ ਹੋ ਸਕੇ। ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ, ਸੂਬੇ ਦਾ ਸਰਬਪੱਖੀ ਵਿਕਾਸ ਕੀਤਾ। ਬਾਦਲ ਨੇ ਕਿਹਾ ਕਿ ਅੱਜ ਐਮਐਸਪੀ ਦੇ ਮੁੱਦੇ ’ਤੇ ਰਾਜਨੀਤੀ ਕਰਕੇ ਉਹ ਲੋਕ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਜਿੰਨ੍ਹਾਂ ਦੀ ਪੰਜਾਬ ਨੂੰ ਕੋਈ ਦੇਣ ਹੀ ਨਹੀਂ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨਾਲ ਕੀਤੀ ਗਈ ਗੱਲਬਾਤ ਉਪਰੰਤ ਇਹ ਵਿਸ਼ਵਾਸ਼ ਦੁਆਇਆ ਗਿਆ ਹੈ ਕਿ ਐਮਐਸਪੀ ਕਿਸੇ ਵੀ ਹਾਲਤ ਵਿੱਚ ਖ਼ਤਮ ਨਹੀਂ ਹੋਵੇਗੀ।
ਬਾਦਲ ਨੇ ਕਿਹਾ ਕਿ ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕੇਂਦਰੀ ਮੰਤਰੀ ਦੀ ਚਿੱਠੀ ਵੀ ਲਿਆਂਦੀ ਗਈ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਲਏ ਬਿਨ੍ਹਾਂ ਅਸਿੱਧੇ ਤੌਰ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਅੱਜ ਉਹ ਲੋਕ ਵਿਰੋਧ ਕਰ ਰਹੇ ਹਨ, ਜਿੰਨ੍ਹਾਂ ਨੇ ਸੂਬੇ ਲਈ ਕੁੱਝ ਨਹੀਂ ਕੀਤਾ, ਸਗੋਂ ਉਸ ਪਾਰਟੀ ਦੀਆਂ ਵਜ਼ਾਰਤਾਂ ਸੰਭਾਲੀਆਂ ਹਨ, ਜਿਸਨੇ ਸਿੱਖੀ ਦਾ ਘਾਣ ਕੀਤਾ ਹੈ ਅਤੇ ਸ੍ਰੀ ਹਰਮੰਦਰ ਸਾਹਿਬ ’ਤੇ ਹਮਲਾ ਕੀਤਾ ਤੇ ਹਰ ਪੱਖ ਤੋਂ ਉਸ ਪਾਰਟੀ ਨੇ ਪੰਜਾਬ ਦਾ ਨੁਕਸਾਨ ਹੀ ਕੀਤਾ ਹੈ।
ਐਸਵਾਈਐਲ ਦੇ ਮੁੱਦੇ ’ਤੇ ਬੋਲਦਿਆਂ ਪ੍ਰਕਾਸ਼ ਸਿੰਘ ਬਾਦਲ ਫ਼ਿਰ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਅਤੇ ਕਿਹਾ ਕਿ ਜਦੋਂ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਮੁਬਾਰਕਬਾਦ ਦਿੱਤੀ ਸੀ। ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੇ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ, ਲੋਕਾਂ ਨੂੰ ਇਸ ਪ੍ਰਚਾਰ ਤੋਂ ਸੁਚੇਤ ਹੋਣਾ ਚਾਹੀਦਾ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿੱਤਾਂ ਦੀ ਗੱਲ ਕੀਤੀ ਹੈ।