ਸ੍ਰੀ ਮੁਕਤਸਰ ਸਾਹਿਬ, 4 ਸਤੰਬਰ 2020 – ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮਨਜ਼ੂਰੀ ਉਨ੍ਹਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਮਲਾ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਣ ਤੋਂ ਬਾਅਦ ਦਿੱਤੀ ਗਈ ਹੈ। ਨਵੀਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ਵਿੱਚੋਂ ਬਹੁ ਗਿਣਤੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਭੇਜੀਆਂ ਗਈਆਂ ਸ,ਪਰ ਹੁਣ ਤੱਕ ਲਟਕ ਰਹੀਆਂ ਸਨ, ਕਿਉਂਕਿ ਕਾਂਗਰਸ ਸਰਕਾਰ ਨੇ ਇੰਨ੍ਹਾਂ ਪ੍ਰੋਜੈਕਟਾਂ ਦੀ ਸਹੀ ਤਰੀਕੇ ਪੈਰਾਵਾਈ ਕਰਨ ਵਿੱਚ ਦਿਲਚਸਪੀ ਨਹੀਂ ਦਿਖਾਈ।
ਬੀਬਾ ਬਾਦਲ ਨੇ ਦੱਸਿਆ ਕਿ ਮਨਜ਼ੂਰੀ ਦੌਰਾਨ ਸੜਕਾਂ ਵਿੱਚ ਮੰਡੀ ਡੱਬਵਾਲੀ-ਮਲੋਟ-ਰੁਪਾਣਾ (56.60 ਕਿਲੋਮੀਟਰ) ਅਤੇ ਬੂੜਾ ਗੁੱਜਰ ਤੋਂ ਝੋਕ ਹਰੀਹਰ (41.10 ਕਿਲੋਮੀਟਰ) ਤੱਕ ਦੀ ਸੜਕ ਪਾਸ ਕੀਤੀ ਗਈ ਹੈ। ਇੰਨ੍ਹਾਂ ਸੜਕਾਂ ਦੀ ਮਨਜ਼ੂਰੀ ਮਿਲਣ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕੇਂਦਰ ਸਰਕਾਰ ਤੇ ਵਿਸ਼ੇਸ਼ ਤੌਰ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਇੰਨ੍ਹਾਂ ਸੜਕਾਂ ਅਧੀਨ ਵੱਡੀ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੈਂਦੇ ਹਨ। ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਹਾਲਤ ਖਸਤਾ ਹੈ ਅਤੇ ਹੁਣ ਇਹ ਮਨਜ਼ੂਰੀ ਮਿਲਣ ਉਪਰੰਤ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ।