ਐਸ.ਏ.ਐਸ. ਨਗਰ, 13 ਸਤੰਬਰ 2020 – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਕੱਲ੍ਹ 14 ਸਤੰਬਰ ਤੋਂ ਆਰੰਭ ਹੋਵੇਗੀ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਇੰਨ੍ਹਾਂ ਮੁਕਾਬਲਿਆਂ ਦੀ ਆਯੋਜਕ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਦੀ ਸਹਾਇਕ ਨਿਰਦੇਸ਼ਕਾ ਸ਼ਿਵਾਨੀ ਸੇਤੀਆ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।