ਐਸ.ਏ.ਐਸ ਨਗਰ, 15 ਸਤੰਬਰ 2020: ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ ਨਗਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ, ਐਸ.ਏ.ਐਸ ਨਗਰ ਵੱਲੋਂ ਝੋਨੇ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੀਵ ਗੁਪਤਾ ਵੱਲੋਂ ਰਵਾਨਾ ਕੀਤਾ ਗਿਆ । ਇਹ ਵੈਨ ਵੱਖ-ਵੱਖ ਪਿੰਡਾਂ ਵਿੱਚ ਪਹੁੰਚਕੇ ਕਿਸਾਨਾਂ ਨੂੰ ਜਾਗਰੂਕ ਕਰੇਗੀ ” ਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ।” ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ, ਐਸ.ਏ.ਐਸ ਨਗਰ ਦੇ ਵਾਤਾਵਰਣ ਇੰਜੀਨੀਅਰ ਲਵਨੀਤ ਦੂਬੇ, ਮੁੱਖ ਖੇਤੀਬਾੜੀ ਅਫ਼ਸਰ ਰਣਜੀਤ ਸਿੰਘ ਬੈਂਸ, ਸਹਾਇਕ ਵਾਤਾਵਰਣ ਇੰਜੀਨੀਅਰ ਬੀਰਦਵਿੰਦਰ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ ਮੋਹਿਤ ਬਿਸ਼ਟ, ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਮੌਜ਼ੂਦ ਸਨ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੇ ਰੁਝਾਨ ਖਿਲਾਫ਼ ਮਾਨਯੋਗ ਨੈਸ਼ਨਲ ਗਰੀਨ ਟ੍ਰਿਬੀਊਨਲ ( ਐੱਨ.ਜੀ.ਟੀ. )ਕਾਫੀ ਗੰਭੀਰ ਹੈ। ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ I ਉਨ੍ਹਾਂ ਦੱਸਿਆ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੁਪਰ ਮੈਨੇਜਮੈਂਟ ਸਿਸਟਰ (ਸੁਪਰ ਐੱਸ.ਐੱਮ.ਐੱਸ.) ਵਰਗੀ ਨਵੀਂ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਸੁਪਰ ਐੱਸ.ਐੱਮ.ਐੱਸ. ਦੇ ਪ੍ਰਯੋਗ ਤੋਂ ਬਿਨਾਂ ਕੰਬਾਇਨਾਂ ਰਾਹੀਂ ਫ਼ਸਲ ਦੀ ਕਟਾਈ ਕਰਨ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਵੀ ਲਗਾਈ ਜਾ ਚੁੱਕੀ ਹੈ ਅਤੇ ਸੁਪਰ ਐੱਸ.ਐੱਮ.ਐੱਸ. ਲਗਾਉਣ ਉਪਰੰਤ ਹੀ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਹੈ ਤਾਂ ਉਸ ਖਿਲਾਫ਼ ਜੁਰਮਾਨਾ ਤੇ ਮਾਨਯੋਗ ਐੱਨ.ਜੀ.ਟੀ. ਦੇ ਹੁਕਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।