ਫਿਰੋਜ਼ਪੁਰ, 17 ਸਤੰਬਰ 2020 : ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਾਸਤੇ 20 ਤੋਂ 22 ਸਤੰਬਰ 2020 ਤੱਕ ਇਕ ਖਾਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ਦੇ ਬੱਚਿਆਂ ਨੂੰ ਵੀ ਪੋਲੀਓ ਦੀਆਂ ਬੂੰਦਾਂ ਪਿਆਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰਾਜਦੀਪ ਕੌਰ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਭੱਠਿਆਂ ਤੇ ਕੰਮ ਕਰਦੇ ਮਜ਼ਦੂਰਾਂ, ਕਾਰਖਾਨਿਆਂ, ਝੁੱਗੀਆਂ-ਝੌਪੜੀਆਂ ਵਿਚ ਰਹਿੰਦੇ ਲੋਕਾਂ ਦੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਇਸ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣਾ ਸਹਿਯੋਗ ਦੇਣ ਲਈ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ 20 ਤੋਂ 22 ਸਤੰਬਰ 2020 ਤੱਕ ਲਗਭਗ 84 ਹਜ਼ਾਰ 340 ਆਬਾਦੀ ਤੇ 14 ਹਜ਼ਾਰ 844 ਘਰਾਂ ਨੂੰ ਕਵਰ ਕੀਤਾ ਜਾਵੇਗਾ। 0 ਤੋਂ 5 ਸਾਲ ਤੱਕ ਦੇ 10 ਹਜ਼ਾਰ 273 ਬੱਚਿਆਂ ਨੂੰ ਕਵਰ ਕਰਨ ਲਈ ਕੁੱਲ 75 ਟੀਮਾਂ ਕੰਮ ਕਰਨਗੀਆਂ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਸ਼ਡਿਊਲ ਬਣਾ ਲਿਆ ਜਾਵੇ ਅਤੇ ਘਰ-ਘਰ ਪਹੁੰਚ ਕਰਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਆਈਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਮੀਟਿੰਗ ਵਿਚ ਵੱਖ ਵੱਖ ਅਦਾਰਿਆਂ ਤੋ ਸਹਿਯੋਗ ਦੀ ਮੰਗ ਕੀਤੀ ਗਈ ਤਾਂ ਜੋ ਕਿਸੇ ਕਾਰਨ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।