ਲੁਧਿਆਣਾ, 17 ਸਤੰਬਰ 2020 – ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਨੂੰ ਪੱਤਰ ਰਾਹੀਂ ਅਪੀਲ ਕਰਦਿੰਆਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸ਼ਹਿਰ ਵਿੱਚ ਪ੍ਰਾਪਰਟੀਆਂ ਦੀ ਮਾਲਕੀ ਬਦਲਾਉਣ ਅਤੇ ਟੀ.ਐਸ.1 ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ।
ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਨਗਰ ਨਿਗਮ ਦਫ਼ਤਰ ਵਿੱਚ ਪ੍ਰਾਪਰਟੀਆਂ ਦੀ ਮਾਲਕੀ ਅਤੇ ਟੀ.ਐਸ.1 ਜਾਰੀ ਕਰਵਾਉਣ ਲਈ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਇਸ ਪ੍ਰਣਾਲੀ ਨੂੰ ਜਨਤਾ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਸਰਲ ਬਣਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।
ਕੈਬਨਿਟ ਮੰਤਰੀ ਵੱਲੋਂ ਆਸ ਪ੍ਰਗਟਾਈ ਗਈ ਕਿ ਮੇਅਰ ਬਲਕਾਰ ਸਿੰਘ ਸੰਧੂ ਜਲਦ ਹੀ ਨਗਰ ਨਿਗਮ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਟੈਕਸ ਰਿਕਾਰਡ ਵਿੱਚ ਮਾਲਕੀ ਬਦਲਣ ਅਤੇ ਟੀ.ਐਸ.1 ਜਾਰੀ ਕਰਨ ਦੀ ਪ੍ਰਣਾਲੀ ਵਿੱਚ ਸੁਧਾਰ ਕਰਨਗੇ ਜਿਸ ਨਾਲ ਜਿੱਥੇ ਆਮ ਜਨਤਾ ਨੂੰ ਰਾਹਤ ਮਿਲੇਗੀ ਨਾਲ ਹੀ ਨਗਰ ਨਿਗਮ ਦਫ਼ਤਰ ਦੇ ਚੱਕਰ ਵੀ ਨਹੀਂ ਲਗਾਉਣੇ ਪੈਣਗੇ