ਬਠਿੰਡਾ, 20 ਸਤੰਬਰ 2020 – ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਅਰਥੀਆਂ ਫੂਕਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਕਿਸਾਨ ਅਤੇ ਮਜ਼ਦੂਰ ਪਿੰਡਾਂ ਵਿੱਚ ਮੋਦੀ ਸਰਕਾਰ ਵੱਲੋਂ ਜਾਰੀ ਤਿੰਨ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਮਜ਼ਦੂਰਾਂ ਨੇ ਆਖਿਆ ਕਿ ਚਾਹੇ ਉਨ੍ਹਾਂ ਨੂੰ ਜਿੰਨੀਆਂ ਮਰਜ਼ੀ ਕੁਰਬਾਨੀਆਂ ਦੇਣੀਆਂ ਪੈਣ ਉਹ ਖੇਤੀ ਵਿਰੋਧੀ ਨੀਤੀਆਂ ਜਾਂ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ।
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਅਰਥੀਆਂ ਫੂਕਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਕਿਸਾਨਾਂ ਚ ਭਾਰੀ ਉਤਸ਼ਾਹ ਹੈ।ਉਨ੍ਹਾਂ ਦੱਸਿਆ ਕਿ ਅਰਥੀ ਫ਼ੂਕ ਮੁਜ਼ਾਰਿਆਂ ਵਿੱਚ ਪੇਂਡੂ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੀਆਂ ਹਨ ਅਤੇ ਮਜ਼ਦੂਰਾਂ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ।
ਉੱਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦੱਸਿਆ ਕਿ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਯੂਨੀਅਨ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਤਹੱਈਆ ਕਰ ਲਿਆ ਹੈ ਕਿ ਉਹ ਖੇਤੀ ਵਿਰੋਧੀ ਕਾਨੂੰਨ ਲਾਗੂ ਹੋਣ ਨਹੀਂ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਮੁੱਚਾ ਖੇਤੀ ਖੇਤਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦਾ ਫੈਸਲਾ ਲਿਆ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਦੁਕਾਨਦਾਰਾਂ ਮੁਲਾਜ਼ਮਾਂ ਅਤੇ ਵੱਖ ਵੱਖ ਵਰਗਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।