ਐਸ ਏ ਐਸ ਨਗਰ, 20 ਸਤੰਬਰ 2020 – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪੰਜਾਬ ਵਲੋਂ ਸਥਾਨਕ ਪਿੰਡ ਜੁਝਾਰ ਨਗਰ ਵਿਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਐਤਵਾਰ ਨੂੰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ। ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਸ.ਐਨ.ਆਈ.ਡੀ.) ਮੁਹਿੰਮ ਤਹਿਤ 20 ਸਤੰਬਰ ਤੋਂ 22 ਸਤੰਬਰ ਤਕ ਸੂਬਾ ਭਰ ਵਿਚ ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਅੰਕੜੇ ਸਾਂਝੇ ਕਰਦਿਆਂ ਦਸਿਆ, ‘ਇਸ ਪੜਾਅ ਵਿਚ ਸੂਬਾ ਭਰ ਵਿਚ 6,80,800 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਜਿਸ ਲਈ ਕੁਲ 8436 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਘਰ ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁਲ 5530 ਟੀਮਾਂ ਬਣਾਈਆਂ ਗਈਆਂ ਹਨ ਜਦਕਿ ਮੋਬਾਈਲ ਟੀਮਾਂ ਦੀ ਗਿਣਤੀ 656 ਹੈ। ਕੁਲ ਵੈਕਸੀਨੇਟਰ 14749 ਹਨ ਜਦਕਿ ਸਮੁੱਚੀ ਮੁਹਿੰਮ ‘ਤੇ ਨਿਗਰਾਨੀ ਰੱਖਣ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 1031 ਹੈ। ਇਸ ਤੋਂ ਇਲਾਵਾ 3097 ਏ.ਐਨ.ਐਮ. ਅਤੇ 11965 ਆਸ਼ਾ ਵਰਕਰਾਂ ਵੀ ਇਸ ਮੁਹਿੰਮ ਵਿਚ ਡਟੀਆਂ ਹੋਈਆਂ ਹਨ।’ ਉਨ੍ਹਾਂ ਦਸਿਆ ਕਿ ਸਮੁੱਚੀ ਮੁਹਿੰਮ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਕਾਮੇ ਮੂੰਹ ਢਕਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਤਮਾਮ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਕਿਉਂਕਿ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਨੇ ਮੌਕੇ ‘ਤੇ ਮੌਜੂਦ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਇਸ ਬੇਹੱਦ ਅਹਿਮ ਮੁਹਿੰਮ ਵਿਚ ਸਿਹਤ ਵਿਭਾਗ ਦਾ ਪੂਰਾ ਸਾਥ ਦੇਣ। ‘ਕੋਰੋਨਾ ਵਾਇਰਸ’ ਮਹਾਂਮਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਇਸ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਹੀ ਇਸ ਬੀਮਾਰੀ ਵਿਰੁਧ ਚਲਾਈ ਗਈ ‘ਮਿਸ਼ਨ ਫ਼ਤਿਹ’ ਮੁਹਿੰਮ ਨੂੰ ਛੇਤੀ ਹੀ ਕਾਮਯਾਬ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਾਇਰੈਕਟਰ ਸਿਹਤ ਸੇਵਾਵਾਂ (ਪਰਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ, ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਐਸ.ਐਮ.ਓ. ਬੂਥਗੜ੍ਹ ਡਾ. ਦਿਲਬਾਗ਼ ਸਿੰਘ, ਜੁਝਾਰ ਨਗਰ ਦੇ ਸਰਪੰਚ ਗੁਰਦੀਪ ਸਿੰਘ ਢੀਂਡਸਾ, ਮਾਸ ਮੀਡੀਆ ਅਫ਼ਸਰ ਗੁਰਮੀਤ ਸਿੰਘ ਰਾਣਾ, ਗੁਰਦੀਪ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਹਰਚਰਨ ਸਿੰਘ ਬਰਾੜ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।