ਅੰਮ੍ਰਿਤਸਰ, 24 ਸਤੰਬਰ, 2020 : ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕ ਅੰਦੋਲਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਭਾਵੇਂ ਕਿ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਪ੍ਰੰਤੂ ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਮਿਥੇ ਪ੍ਰੋਗਰਾਮ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 24 ਸਤੰਬਰ ਤੋਂ 26 ਸਤੰਬਰ ਤੱਕ (48 ਘੰਟੇ) ਰੇਲ ਰੋਕ ਅੰਦੋਲਨ ਤਹਿਤ ਭਾਰੀ ਗਿਣਤੀ ਵਿੱਚ ਕਿਸਾਨਾਂ, ਮਜਦੂਰਾਂ ਤੇ ਬੀਬੀਆਂ ਵੱਲੋਂ ਨੇੜਲੇ ਪਿੰਡ ਦੇਵੀਦਾਸਪੁਰ (ਜੰਡਿਆਲਾ ਗੁਰੂ) ਨਜਦੀਕ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਧਰਨਾ ਲਾਇਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਕਿਸਾਨਾਂ ਰੇਲਵੇ ਲਾਈਨ ਤੇ ਲੰਮੇ ਪੈ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।।