ਸ੍ਰੀ ਮੁਕਤਸਰ ਸਾਹਿਬ, 27 ਸਤੰਬਰ 2020 – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 2 ਅਕਤੂਬਰ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕੇ ਜਾਣਗੇ । ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿਛਲੇ 45 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸੋਸ਼ਣ ਕਰ ਰਹੀਆਂ ਹਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਭਰ ਰਹੀ ਹੈ ਤੇ ਸਾਡੀ ਮੰਗ ਹੈ ਕਿ ਇਹਨਾਂ ਪੋਸਟਾਂ ‘ਤੇ ਪਹਿਲ ਦੇ ਅਧਾਰ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅਸੀਂ 45 ਸਾਲਾਂ ਤੋਂ 3 ਸਾਲ ਤੋਂ ਲੈ ਕੇ 6 ਸਾਲ ਦੇ ਬੱਚਿਆਂ ਨੂੰ ਪ੍ਰੀ ਸਕੂਲ ਐਜੂਕੇਸਨ ਦੇ ਰਹੀਆਂ ਹਾਂ। ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਪਹਿਲਾਂ ਕੋਝੀ ਚਾਲ ਚਲਦਿਆਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਸਰਕਾਰ ਨੇ ਖੋਹੇ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵਰਕਰਾਂ ਨੂੰ ਨਹੀਂ ਦਿੱਤਾ ਜਾ ਰਿਹਾ ਤੇ ਇਹ ਸਰਾਸਰ ਧੱਕਾ ਹੈ, ਪਰ ਜਥੇਬੰਦੀ ਇਸ ਦੇ ਖਿਲਾਫ ਆਪਣਾ ਸੰਘਰਸ਼ ਕਰੇਗੀ ਤੇ ਸੂਬੇ ਭਰ ਦੀਆਂ ਹਜਾਰਾਂ ਵਰਕਰਾਂ ਤੇ ਹੈਲਪਰਾਂ ਇਸ ਸੰਘਰਸ਼ ਵਿੱਚ ਯੂਨੀਅਨ ਦਾ ਸਾਥ ਦੇਣਗੀਆਂ।