ਫਾਜ਼ਿਲਕਾ 2 ਅਕਤੂਬਰ-ਝੋਨੇ ਦੀ ਫਸਲ ਦੀ ਅੱਜ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਪਿੰਡ ਮੌਜਮ ਦੇ ਕਿਸਾਨ ਜਗਦੀਸ਼ ਸਿੰਘ ਦੀ ਢੇਰੀ ਪਨਸਪ ਏਜੰਸੀ ਵੱਲੋਂ 1888 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਗਈ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏ ਅਤੇ ਕਿਸਾਨਾਂ ਦੀਆਂ ਸਮੱਸਿਆਂ ਵੀ ਸੁਣੀਆਂ ।
ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਫਾਜ਼ਿਲਕਾ ਦੇ ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਕਿਸਾਨ ਦੀ ਭਲਾਈ ਲਈ ਮੌਢੇ ਨਾਲ ਮੌਢਾ ਜ਼ੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਖਰੀਦ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲੇ ਅੰਦਰ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਦਾਂ ਜਾਵੇ ਤਾਂ ਜੋ ਉਨਾਂ ਦੀ ਫਸਲ ਨੂੰ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਲਿਆਦਾਂ ਜਾਵੇ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਪ੍ਰਦੂਸ਼ਨ ਪੈਦਾ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਕਿਸਾਨਾਂ ਦੇ ਮਿੱਤਰ ਕੀੜਿਆ ਦਾ ਖਾਤਮਾਂ ਹੁੰਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਝੋਨਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨਾਂ ਜ਼ਿਲਾ ਮੰਡੀ ਅਫਸਰ ਨੂੰ ਆਦੇਸ਼ ਦਿੱਤੇ ਕਿ ਗੇਟਾਂ ਤੇ ਹੀ ਕਿਸਾਨਾਂ ਵੱਲੋਂ ਲਿਆਦੇ ਗਏ ਝੋਨੇ ਦੀ ਨਮੀ ਚੈਕ ਕੀਤੀ ਜਾਵੇ ਉਸ ਉਪਰੰਤ ਹੀ ਅੰਦਰ ਆਉਣ ਦਿੱਤਾ ਜਾਵੇ। ਉਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਕਿਸਾਨ 17 ਫੀਸਦੀ ਤੋ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲੈ ਕੇ ਆੳਂੁਦਾ ਹੈ ਤਾਂ ਉਸ ਨੂੰ ਗੇਟ ਤੋ ਹੀ ਵਾਪਸ ਭੇਜ ਦਿੱਤਾ ਜਾਵੇ।
ਇਸ ਮੌਕੇ ਜ਼ਿਲਾ ਮੰਡੀ ਅਫਸਰ ਸ. ਜਗਰੂਪ ਸਿੰਘ, ਜ਼ਿਲਾ ਫੂਡ ਸਪਲਾਈ ਕੰਟ੍ਰੋਲਰ ਗੁਰਪ੍ਰੀਤ ਸਿੰਘ ਕਾਂਗ, ਉਪ ਜਿਲ੍ਹਾ ਮੰਡੀ ਅਫਸਰ ਸ੍ਰੀ ਸੁਲੋਧ ਬਿਸ਼ਨੋਈ, ਮੁੱਖ ਖੇਤੀਬਾੜੀ ਅਫਸਰ ਸ੍ਰੀ ਸੁਰਿੰਦਰ ਸਿੰਘ, ਚੇਅਰਮੈਨ ਪ੍ਰੇਮ ਕੁਮਾਰ ਕੁਲਰੀਆ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ. ਓਮ ਸੇਤੀਆ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਇੰਦੇ ਮੋਜੂਦ ਸਨ।