ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਅੱਜ ਦੂਸਰੇ ਦਿਨ ਵੀ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ। ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਉੜੀ ਤੱਕ ਸੇਵਾ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੇ ਬੀਤੇ ਕੱਲ੍ਹ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਪਾਵਨ ਗੁਰਬਾਣੀ ਸਰਵਣ ਕੀਤੀ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਝਾੜੂ ਲਗਾਉਣ ਦੀ ਸੇਵਾ ਕੀਤੀ ਜਾ ਰਹੀ ਹੈ, ਜੋ ਭਲਕੇ 9 ਅਕਤੂਬਰ ਤੱਕ ਜਾਰੀ ਰਹੇਗੀ। ਅੱਜ ਦੂਸਰੇ ਦਿਨ ਦੀ ਸੇਵਾ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ ਆਦਿ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਵੀ ਹਾਜ਼ਰ ਸਨ।