ਚੰਡੀਗੜ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੋਧ ਵਿੱਚ ਪੰਜਾਬ ‘ਚ ਚੱਕਾ ਜਾਮ ਕਰਨ ਦੀ ਹਮਾਇਤ ਦਾ ਐਲਾਨ ਕਰਦਿਆਂ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭੱਵਿਖ ਨੂੰ ਬਰਬਾਦ ਅਤੇ ਤਬਾਹ ਕਰ ਦਿੱਤਾ ਹੈ।ਸ੍ਰ ਕੈਂਥ ਨੇ ਦੱਸਿਆ ਕਿ ਸੰਤ ਸਮਾਜ ਅਤੇ ਹੋਰ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਵੱਲੋਂ 10 ਅਕਤੂਬਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਭਰ ਵਿਚ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਹਰ ਵਰਗ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ, ਪੱਛੜੇ ਵਰਗ ਅਤੇ ਧਾਰਮਿਕ ਘੱਟ ਗਿਣਤੀਆਂ ਸਮਾਜ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਹੁੰਦਾ ਸੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਲਜਾਂ ਅਤੇ ਯੂਨੀਵਰਸਿਟੀ ਵਾਲਿਆਂ ਦੀ ਪ੍ਰਬੰਧਕੀ ਕਮੇਟੀ ਰਾਹੀਂ ਵਜ਼ੀਫੇ ਵਿੱਚ ਮਿਲੀਭੁਗਤ ਨਾਲ ਬਹੁਕਰੋੜੀ ਘਪਲਿਆਂ ‘ਚ ਸਰਕਾਰਾਂ ਦੀ ਸ਼ਮੂਲੀਅਤ ਨੂੰ ਉਜਾਗਰ ਕਰਦਾ ਹੈ। ਕੈਪਟਨ ਸਰਕਾਰ ਦਾ ਥਰਡ ਪਾਰਟੀ ਆਡਿਟ ਅਤੇ ਕੰਨਟ੍ਰੋਲਰ ਆਫ ਆਡਿਟਰ ਜਰਨਲ (ਕੈਗ) ਰਿਪੋਰਟ ਸਤੰਬਰ 2018 ਨੇ ਘੁਟਾਲਿਆਂ ਦੇ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਨਾਂਅ ਦਾ ਇਸਤੇਮਾਲ ਕਰਕੇ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਕੀਤਾ ਗਿਆ, ਉਜਾਗਰ ਹੋਇਆ ਹੈ, ਪਰ ਕੈਪਟਨ ਸਰਕਾਰ ਨੇ ਕਿਹਾ ਕਿ ਕੋਈ ਘਪਲਾ ਹੀ ਨਹੀਂ ਹੋਇਆ। ਇਸ ਤੋਂ ਇਲਾਵਾ ਮੁੱਖ ਸਕੱਤਰ ਦੀ ਰਿਪੋਰਟ ਮੁਤਾਬਕ ਇਸ ਬਹੁਕਰੋੜੀ ਘੁਟਾਲੇ ਵਿੱਚ ਕਾਲਜਾਂ ਅਤੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਈ ਸ਼ਮੂਲੀਅਤ ਨਹੀਂ ਹੈ। ਲਿਹਾਜ਼ਾ ਇਹਨਾਂ ਘਪਲਿਆਂ ਨੂੰ ਕਰਨ ਵਾਲਿਆਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ।ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜੱਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਕਲੀਨ ਚਿੱਟ ਨੂੰ ਨਕਾਰ ਦਿੱਤਾ ਹੈ ਅਤੇ ਸੰਘਰਸ਼ਾਂ ਦਾ ਰਸਤਾ ਅਖਤਿਆਰ ਕਰਦਿਆਂ ਸੰਤ ਸਤਵਿੰਦਰ ਸਿੰਘ ਹੀਰਾ, ਸੰਤ ਜਗਵਿੰਦਰ ਲਾਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਸਾਰੇ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਅਧਿਕਾਰਾਂ ਦੀ ਲੜਾਈ ਦੀ ਸ਼ੁਰੂਆਤ ਕੀਤੀ ਹੈ। ਨੈਸ਼ਨਲ ਸ਼ਡਿਊਡਲ ਕਾਸਟਸ ਅਲਾਇੰਸ ਵੱਲੋਂ ਹਮਾਇਤ ਮਿਲਣ ਦੇ ਐਲਾਨ ਦਾ ਸਵਾਗਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕਰਦੀ ਓਦੋਂ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਂਗਾ। ਸੰਤ ਸਤਵਿੰਦਰ ਸਿੰਘ ਹੀਰਾ ਅਤੇ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਖਰੜਾ ਕਿ :-
” ਕੈਪਟਨ ਸਰਕਾਰ 3 ਲੱਖ ਵਿਦਿਆਰਥੀਆਂ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਦਾਖਲਾ ਤੁਰੰਤ ਕਰਵਾਏ ”।
”ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ ‘ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ ”।
”ਕਾਲਜਾਂ ਅਤੇ ਯੂਨੀਵਰਸਿਟੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਭੁਗਤਾਨ ਨਾ ਹੋਣ ਕਾਰਨ ਲੱਖਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਤੁਰੰਤ ਜਾਰੀ ਕਰਵਾਏ ਕੈਪਟਨ ਸਰਕਾਰ ”।
” ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਤੇ ਵਾਇਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ ”।
” ਪ੍ਰੀਖਿਆਵਾਂ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰੇ ਕੈਪਟਨ ਸਰਕਾਰ ”।
ਆਗੂਆਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਕੈਪਟਨ ਸਰਕਾਰ ਇਹਨਾਂ ਮੁੱਦਿਆਂ ਨੂੰ ਵਿਚਾਰਾਂਨ ਲਈ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਹੋਰ ਜੱਥੇਬੰਦੀਆਂ ਨੇ 7 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਪੰਜਾਬ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ।
ਆਗੂਆਂ ਨੇ ਪੰਜਾਬ ਵਾਸੀਆਂ ਤੇ ਸਮਾਜਿਕ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਕਤੂਬਰ ਨੂੰ ਚੱਕਾ ਜਾਮ ਪੂਰੇ ਅਮਨ ਸ਼ਾਂਤੀ ਨਾਲ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ ਇਸ ਦੌਰਾਨ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਭੱਵਿਖ ਲਈ ਸਹਿਯੋਗ ਕਰਨ।