ਚੰਡੀਗੜ – ਕੋਵਿਡ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਲੋਕ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਹਰ ਵਿਭਾਗ ਵਿਚ ਆਨਲਾਈਨ ਵਿਧੀ ਲਾਗੂ ਕੀਤੀ ਹੈ।ਇਸ ਦੇ ਚਲਦਿਆਂ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਸ਼ਿਖਲਾਈ ਪ੍ਰੋਗਰਾਮ ਆਨਲਾਈਨ ਸ਼ੁਰੂ ਕੀਤੇ ਹਨ। ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਜਿਸ ਦਾ ਅਸਰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਪ੍ਰੋਗਰਾਮਾਂ ਉੱਤੇ ਵੀ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਨੇ ਆਨਲਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਹਨ।ਜਿਸ ਦੇ ਤਹਿਤ 19 ਅਕਤੂਬਰ, 2020 ਤੋਂ 30 ਅਕਤੂਬਰ ਤੱਕ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਪ੍ਰੋਗਰਾਮ ਚਲਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਕਰਨੈਲ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਦੱਸਿਆ ਕਿ ਦੱਧ ਉਤਪਾਦਕਾਂ ਨੂੰ ਆਨਲਾਈਨ ਸਿਖਲਾਈ ਦੇਣ ਲਈ ਵਿਭਾਗ ਵਲੋਂ 15 ਪ੍ਰੋਗਰਾਮ ਚਲਾਏ ਜਾਣਗੇ, ਜਿਸ ਦੇ ਤਹਿਤ 19 ਅਕਤੂਬਰ ਤੋਂ ਸ਼ੂਰੂ ਹੋ ਰਹੇ ਇਸ ਦੋ ਹਫਤੇ ਦੇ ਆਨਲਾਈਨ ਪ੍ਰੋਗਰਾਮ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਇੰਨਾਂ ਸਿਖਲਾਈ ਪ੍ਰੋਗਰਾਮ ਵਿੱਚ ਵਿਭਾਗ ਵਲੋਂ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਹੈ ਕਿ ਆਨਲਾਈਨ ਸਿਖਲਾਈ ਪ੍ਰੋਗਰਾਮਾਂ ਵਿਚ ਸ਼ਾਮਿਲ ਹੋ ਕੇ ਸਿਖਲਾਈ ਲੈਣ ਲਈ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ।