ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ, ਵਾਸੀ ਪਿੰਡ ਨੰਦਪੁਰ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਵਲੋਂ ਉਸ ਦੀ ਦੁਕਾਨ ਦਾ ਨਵਾਂ ਸਾਈਡ ਗੇਟ ਖੋਲਣ ਬਦਲੇ 50,000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਸ ਵਲੋਂ ਪਹਿਲਾਂ ਹੀ ਉਕਤ ਇੰਸਪੈਕਟਰ ਨੂੰ 40,000 ਰੁਪਏ ਰਿਸ਼ਵਤ ਵਜੋਂ ਦਿੱਤੇ ਜਾ ਚੁਕੇ ਹਨ ਅਤੇ ਹੁਣ ਉਸ ਵਲੋਂ ਹੋਰ 50,000 ਰੁਪਏ ਦੀ ਹੋਰ ਮੰਗ ਕੀਤੀ ਗਈ ਹੈ ਅਤੇ ਸੌਦਾ 25000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋਸ਼ੀ ਇੰਸਪੈਕਟਰ ਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25000 ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਪਟਿਆਲਾ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।