ਪਟਿਆਲਾ – ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਚੱਕਾ ਜਾਮ ਪ੍ਰੋਗਰਾਮ ਤਹਿਤ ਪਟਿਆਲਾ ਬੱਸ ਸਟੈਂਡ ਦੇ ਸਾਹਮਣੇ ਧਰਨਾ ਦੇ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ ਖਿਲਾਫ਼ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਗਿਆ।ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਜਦੋਂ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਵਿਦਿਆਰਥੀਆਂ ਦਾ ਦਾਖਲਾ, 5 ਲੱਖ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਤੁਰੰਤ ਨਹੀਂ ਦਿੱਤੇ ਜਾਂਦੇ ਅਤੇ ਘੋਟਾਲੇ ਵਿਚ ਸ਼ਾਮਿਲ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਟਾਉਣ ਅਤੇ ਘਪਲਿਆਂ ਦੀ ਸੀਬੀਆਈ ਜਾਂਚ ਨਹੀਂ ਕਰਵਾਉਣ ਦਾ ਐਲਾਨ ਨਹੀਂ ਹੋ ਜਾਂਦਾ ਉਦੋਂ ਤੱਕ ਸੰਤ ਸਮਾਜ ਸੰਘਰਸ਼ ਕਮੇਟੀ ਨਾਲ ਮਿਲ ਕੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਸੰਘਰਸ਼ ਜਾਰੀ ਰਹੇਗਾ। ਸ੍ਰ ਕੈਂਥ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭੱਵਿਖ ਨੂੰ ਬਰਬਾਦ ਅਤੇ ਤਬਾਹ ਕਰ ਦਿੱਤਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ, ਪੱਛੜੇ ਵਰਗ ਅਤੇ ਧਾਰਮਿਕ ਘੱਟ ਗਿਣਤੀਆਂ ਸਮਾਜ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਜੋ ਸੁਨਹਿਰੀ ਮੌਕਾ ਪ੍ਰਦਾਨ ਹੁੰਦਾ ਸੀ, ਉਸ ਨੂੰ ਹਨ੍ਹੇਰੇ ਵਿਚ ਝੌਂਕ ਦਿੱਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਕਾਲਜਾਂ ਅਤੇ ਯੂਨੀਵਰਸਿਟੀ ਵਾਲਿਆਂ ਦੀ ਪ੍ਰਬੰਧਕੀ ਕਮੇਟੀ ਰਾਹੀਂ ਵਜ਼ੀਫੇ ਵਿੱਚ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਬੁਹਕਰੋੜੀ ਘਪਲਿਆਂ ‘ਚ ਸਰਕਾਰਾਂ ਦੀ ਸਮੂਲੀਅਤ ਨੂੰ ਉਜਾਗਰ ਕਰਦਾ ਹੈ। ਕੈਪਟਨ ਸਰਕਾਰ ਦਾ ਥਰਡ ਪਾਰਟੀ ਆਡਿਟ ਅਤੇ ਕੰਨਟ੍ਰੋਲਰ ਆਫ ਆਡਿਟਰ ਜਰਨਲ (ਕੈਗ) ਰਿਪੋਰਟ ਸਤੰਬਰ-2018 ਰਾਹੀਂ ਵੀ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਨਾਂਅ ਦਾ ਇਸਤੇਮਾਲ ਕਰਕੇ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਕੀਤਾ ਗਿਆ, ਉਜਾਗਰ ਹੋਇਆ ਹੈ, ਪਰੰਤੂ ਕੈਪਟਨ ਸਰਕਾਰ ਕਹਿ ਰਹੀ ਹੈ ਕਿ ਕੋਈ ਘੋਟਾਲਾ ਹੀ ਨਹੀਂ ਹੋਇਆ। ਇਸ ਤੋਂ ਅਲਾਵਾ ਮੁੱਖ ਸਕੱਤਰ ਦੀ ਰਿਪੋਰਟ ਮੁਤਾਬਿਕ ਬੁਹਕਰੋੜੀ ਘੁਟਾਲੇ ਵਿੱਚ ਕਾਲਜਾਂ ਅਤੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ ਨਹੀਂ ਹੈ। ਲਿਹਾਜ਼ਾ, ਇਹ ਘਪਲੇ ਕਰਨ ਵਾਲਿਆਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ, ਜੋ ਸਰਾਸਰ ਗਲਤ ਹੈ।ਕੈਂਥ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਦੋਂ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖਿਲਾਫ ਕੋਈ ਸਖਤ ਕਾਰਵਾਈ ਨਹੀਂ ਕਰਦੀ ਓਦੋਂ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਂਗਾ।ਇਸ ਸੰਘਰਸ਼ ਵਿਚ ਗੁਰੂ ਰਵਿਦਾਸ ਸਭਾ, ਭਗਵਾਨ ਵਾਲਮੀਕ ਜੀ ਅਤੇ ਡਾਕਟਰ ਅੰਬੇਡਕਰ ਜੱਥੇਬੰਦੀਆਂ ਨੇ ਸਮੂਲੀਅਤ ਕੀਤੀ। ਇਸ ਵਿੱਚ ਸ਼ਾਮਿਲ ਦਲੀਪ ਸਿੰਘ, ਸ਼ਰਨਜੀਤ ਸਿੰਘ, ਨੈਬ ਸਿੰਘ, ਖੇਮਚੰਦ, ਜਸਵਿੰਦਰ ਸਿੰਘ, ਸੁਰਜਣ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਨਛੱਤਰ ਸਿੰਘ ਆਦਿ ਨੇ ਹਿੱਸਾ ਲਿਆ।