ਜਲੰਧਰ – ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਲੋਕ ਹਿੱਤ ਵਿੱਚ ਸਮੂਹ ਐਸ.ਡੀ.ਐਮਜ਼, ਸਥਾਨਕ ਸਰਕਾਰਾਂ ਵਿਭਾਗ ਅਤੇ ਫਾਇਰ ਸੇਫਟੀ ਵਿਭਾਗ ਨੂੰ ਜ਼ਿਲੇ ਵਿੱਚ ਪਟਾਕਿਆਂ ਦੇ ਭੰਡਾਰਨ, ਵਿਕਰੀ ਅਤੇ ਖਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਅਤੇ ਬਾਅਦ ਵਿਚ ਸਾਰੀ ਕਿਸਮ ਦੇ ਪਟਾਕਿਆਂ ਦੇ ਖੁੱਲ੍ਹੇਆਮ ਭੰਡਾਰਨ, ਵਿਕਰੀ, ਖਰੀਦ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਜਾਨ, ਅੰਗ ਅਤੇ ਸੰਪਤੀ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਇਸ ਨੂੰ ਸੀਮਤ ਅਤੇ ਨਿਯਮਤ ਕਰਨ ਲਈ ਜਨਤਕ ਹਿੱਤ ਵਿੱਚ ਇਹ ਕਦਮ ਜ਼ਰੂਰੀ ਸੀ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਅੱਗ ਲੱਗਣ ਅਤੇ ਜਾਨ ਮਾਲ ਦੇ ਨੁਕਸਾਨ ਦੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵਿਕਰੀ ਅਤੇ ਖਰੀਦ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਵਿਸਥਾਰਤ ਰਿਪੋਰਟ ਦਸ ਦਿਨਾਂ ਦੇ ਅੰਦਰ ਜਮ੍ਹਾ ਕਰਵਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਕੰਮ ਵਿਚ ਕਿਸੇ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਕੋਲ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਭੰਡਾਰਨ, ਨਿਰਮਾਣ, ਵਿਕਰੀ ਅਤੇ ਖਰੀਦ ਸਬੰਧੀ ਕੋਈ ਸੂਚਨਾ ਹੈ ਤਾਂ ਉਹ ਕੰਟਰੋਲ ਰੂਮ ਨੰਬਰ 0181-2224417 ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।