ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲ੍ਹਾ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੂੰ ਬੇਸ਼ੱਕ ਗ੍ਰਿਫ਼ਤਾਰ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ ਹੈ, ਪਰੰਤੂ ਇਸ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਵੀ ਸਾਹਮਣੇ ਲਿਆਉਣੀਆਂ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰਾਂ ’ਚ ਵੀ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰੇਆਮ ਬੇਅਦਬੀ ਕੀਤੀ ਗਈ ਸੀ। ਇਹ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਹਨ। ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਅੰਦਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਸਰਕਾਰ ਖ਼ਾਮੋਸ਼ ਬੈਠੀ ਹੋਈ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਵਿਖੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।