ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ। ਪੰਥ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਕੁਝ ਲੋਕ ਇਸ ਮਹਾਨ ਸਿੱਖ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪੇਸ਼ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਵੀ ਭੇਟ ਕੀਤੀ ਗਈ।ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਜੋ ਇਸ ਸਾਲ 15 ਨਵੰਬਰ ਨੂੰ ਆ ਰਿਹਾ ਹੈ, ਸਬੰਧੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੌਮ ਨੇ ਲੰਮਾ ਸੰਘਰਸ਼ ਲੜਿਆ, ਜਿਸ ਨੂੰ ਸੰਗਤਾਂ ਤੱਕ ਲਿਜਾਣ ਲਈ ਵਿਸ਼ੇਸ਼ ਦਸਤਾਵੇਜ਼ ਤਿਆਰ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਅਤੇ ਇਸ ਦੀ ਦੇਣ ਨੂੰ ਲੈ ਕੇ ਇਕ ਸੰਖੇਪ ਕਿਤਾਬਚਾ ਤਿਆਰ ਕੀਤਾ ਜਾਵੇਗਾ। ਵਿਸ਼ੇਸ਼ ਸੋਵੀਨਰ ਵੀ ਪ੍ਰਕਾਸ਼ਤ ਹੋਵੇਗਾ, ਜਿਸ ਵਿਚ ਕੌਮ ਦੇ ਵੱਡੇ ਵਿਦਵਾਨਾਂ ਪਾਸੋਂ ਮੌਲਿਕ ਲੇਖ ਲਿਖਵਾ ਕੇ ਸ਼ਾਮਲ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਸ਼ੇਸ਼ ਸਮਾਗਮ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧ ਵਿਚ ਇਕ ਚਿੱਤਰਕਲਾ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਸਬੰਧੀ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆ ਵਿਚ ਸਮਾਗਮ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅਗਲੇ ਸਾਲ ਆ ਰਹੇ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਵੀ ਵਿਸ਼ੇਸ਼ ਤੌਰ ’ਤੇ ਮਨਾਇਆ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਟਰੱਸਟਾਂ ਆਦਿ ਸਬੰਧੀ ਵੱਖ-ਵੱਖ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਅਤੇ ਕੀਤੇ ਜਾਣ ਵਾਲੇ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ। ਅੰਤ੍ਰਿੰਗ ਕਮੇੇਟੀ ਦੀ ਇਕੱਤਰਤਾ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪਾਲ ਸਿੰਘ ਗੋਰਾ, ਸ. ਭੁਪਿੰਦਰ ਸਿੰਘ ਅਸੰਧ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।