ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਤੇ ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ| ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਸੰਸਥਾਵਾਂ ਦੇ ਮਾਧਿਅਮ ਨਾਲ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਕੰਮ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਤੰਤਰ ਦਾ ਸਤੰਭਾਂ ਤੇ ਹਮਲੇ ਕਰ ਕੇ ਉਨ੍ਹਾਂ ਨੂੰ ਖਰਾਬ ਕਰਨ ਵਿੱਚ ਜੁਟੀ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਾਲੀ ਹਰੇਕ ਸੰਸਥਾ ਦੀ ਵਰਤੋਂ ਵਿਰੋਧੀ ਧਿਰ ਤੇ ਹਮਲੇ ਲਈ ਕੀਤੀ ਜਾ ਰਹੀ ਹੈ| ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ ਵਿੱਚ ਆ ਗਿਆ ਹੈ| ਦੇਸ਼ ਦੀ ਅਰਥ ਵਿਵਸਥਾ ਗੰਭੀਰ ਸੰਕਟ ਵਿੱਚ ਫਸ ਗਈ ਹੈ ਅਤੇ ਸਰਕਾਰ ਇਸ ਤੋਂ ਉਭਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਲੋਕਤੰਤਰੀ ਸੰਸਥਾਵਾਂ ਦੀ ਗਲਤ ਵਰਤੋਂ ਕਰ ਕੇ ਵਿਰੋਧੀਆਂ ਤੇ ਹਮਲਾ ਕਰ ਰਹੀ ਹੈ| ਬੋਲਣ ਦੀ ਆਜ਼ਾਦੀ ਖੋਹੀ ਜਾ ਰਹੀ ਹੈ ਅਤੇ ਲੋਕਤੰਤਰੀ ਵਿਵਸਥਾ ਨੂੰ ਮਜ਼ਬੂਤ ਕਰਨ ਵਾਲੀਆਂ ਸੰਸਥਾਵਾਂ ਦੀ ਗਲਤ ਵਰਤੋਂ ਹੋ ਰਹੀ ਹੈ| ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪੂਰੇ ਤੰਤਰ ਨੂੰ ਹੀ ਨਸ਼ਟ ਕਰ ਦਿੱਤਾ ਹੈ| ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰ ਨੂੰ ਡਰਾਉਣ ਅਤੇ ਧਮਕਾਉਣ ਲਈ ਕੀਤੀ ਜਾ ਰਹੀ ਹੈ| ਸਰਕਾਰ ਦਾ ਨਿਸ਼ਾਨਾ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਈ.ਐਨ.ਏ. ਵਰਗੀਆਂ ਜਾਂਚ ਏਜੰਸੀਆਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ ਤੇ ਕੰਮ ਕਰ ਰਹੀਆਂ ਹਨ|ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਤੋਂ ਹੀ ਵਿਰੋਧੀ ਦਲਾਂ ਦੇ ਨੇਤਾਵਾਂ ਨੂੰ ਆਪਣਾ ਦੁਸ਼ਮਣ ਮੰਨਦੇ ਹੋਏ ਉਨ੍ਹਾਂ ਨੂੰ ਨਿਸ਼ਾਨੇ ਤੇ ਲੈਣਾ ਸ਼ੁਰੂ ਕਰ ਦਿੱਤਾ ਸੀ| ਸਰਕਾਰ ਵਿਰੁੱਧ ਆਵਾਜ਼ ਚੁੱਕਣ ਲਈ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਦੇ ਅਲੋਕਤੰਤਰੀ ਕਦਮਾਂ ਦੀ ਆਲੋਚਨਾ ਕਰਨ ਲਈ ਪ੍ਰਸਿੱਧ ਬੁੱਧੀਜੀਵੀਆਂ ਨੂੰ ਗ੍ਰਿਫਤਾਰ ਕੀਤਾ ਗਿਆ| ਉਨ੍ਹਾਂ ਨੇ ਕਿਹਾ ਕਿ ਨਾਗਰਿਕ ਸੋਧ ਬਿੱਲ ਅਤੇ ਪ੍ਰਸਤਾਵਿਤ ਰਾਸ਼ਟਰੀ ਨਾਗਰਿਕਤਾ ਰਜਸਿਟਰ (ਸੀ.ਏ.ਏ. ਅਤੇ ਐਨ.ਆਰ.ਸੀ.) ਵਿਰੁੱਧ ਔਰਤਾਂ ਨੇ ਸ਼ਾਂਤੀਪੂਰਵਕ ਅੰਦੋਲਨ ਕੀਤਾ| ਸ਼ਾਹੀਨ ਬਾਗ ਤੋਂ ਲੈ ਕੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਇਸ ਨੂੰ ਲੈ ਕੇ ਜ਼ਬਰਦਸਤ ਅੰਦੋਲਨ ਹੋਇਆ ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਤੇ ਖੁੱਲ੍ਹੇਆਮ ਹਮਲੇ ਕੀਤੇ ਗਏ| ਉਹਨਾਂ ਕਿਹਾ ਕਿ ਮੋਦੀ ਸਰਕਾਰ ਵਿਰੋਧੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਤੇ ਦਮਨਕਾਰੀ ਕਾਰਵਾਈ ਕਰਦੀ ਹੈ ਅਤੇ ਇਸ ਦਾ ਨਤੀਜਾ ਹੈ ਕਿ ਉਸ ਨੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ਦੇਸ਼ ਵਿਰੁੱਧ ਸਾਜਿਸ਼ ਦੱਸਦੇ ਹੋਏ 700 ਤੋਂ ਵੱਧ ਲੋਕਾਂ ਵਿਰੁੱਧ ਸ਼ਿਕਾਇਤ ਦਰਜ ਕਰ ਕੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ| ਉਨ੍ਹਾਂ ਕਿਹਾ ਕਿ ਦੇਸ਼ ਨੇ ਕਈ ਸ਼ਹੀਦੀਆਂ ਅਤੇ ਸਖਤ ਮਿਹਨਤ ਨਾਲ ਲੋਕਤੰਤਰ ਹਾਸਿਲ ਕੀਤਾ ਹੈ, ਇਸ ਲਈ ਸੰਵਿਧਾਨ ਵਿੱਚ ਵਿਵਸਥਾਵਾਂ ਦਾ ਪਾਲਣ ਕਰਦੇ ਹੋਏ ਇਸ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ|