ਚੰਡੀਗੜ੍ -ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਕੁਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਅਖੌਤੀ ਸਤਿਕਾਰ ਕਮੇਟੀ ਦੇ ਜਿਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਨੂੰ ਮੰਦ ਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਖੁਲ੍ਹੇਆਮ ਵਿਚਰਨ ਦਿੱਤਾ ਜਾ ਰਿਹਾ ਹੈ। ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇਹ ਲੋਕ ਪੁਲਿਸ ਕਮਿਸ਼ਨਰ ਅਤੇ ਹੋਰ ਆਲ੍ਹਾ ਪੁਲਿਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਮਿਲ ਰਹੇ ਹਨ, ਪਰੰਤੂ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਸਾਫ਼ ਪ੍ਰਗਟ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਗਿਆ ਕਰਾਸ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਣੇ ਮਾਹੌਲ ਦੀ ਜ਼ੁੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਹੋਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸ੍ਰੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਸੋਂ ਮੰਗ ਪੱਤਰ ਪ੍ਰਾਪਤ ਕਰਕੇ ਕਿਹਾ ਕਿ ਉਹ ਇਸ ਨੂੰ ਮੁੱਖ ਮੰਤਰੀ ਦੇ ਪੇਸ਼ ਕਰਨਗੇ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕ ਭਰਵੀਂ ਇਕੱਤਰਤਾ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਅਜਿਹੇ ਵਰਤਾਰੇ ਤੋਂ ਬਾਜ ਆਉਣ ਦੀ ਤਾੜਨਾ ਵੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਸਿੱਖ ਵਿਰੋਧੀ ਚਾਲਾਂ ਚਲਦੀ ਰਹੀ ਹੈ, ਇਸ ਦੀ ਮਿਸਾਲ 1984 ਦਾ ਸਿੱਖ ਕਤਲੇਆਮ ਹੈ। ਜਦੋਂ ਜਦੋਂ ਵੀ ਕਾਂਗਰਸ ਸਰਕਾਰ ਬਣੀ ਤਾਂ ਸਿੱਖਾਂ ਦੇ ਮਸਲਿਆਂ ਨੂੰ ਦਬਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ’ਤੇ ਵੀ ਸਿੱਧੇ ਹਮਲੇ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 40 ਦਿਨ ਲਗਾਏ ਗਏ ਧਰਨੇ ਅਤੇ 24 ਅਕਤੂਬਰ 2020 ਨੂੰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤਾ ਗਿਆ ਕਾਤਲਾਨਾ ਹਮਲਾ ਇਸ ਦੀ ਤਾਜ਼ਾ ਮਿਸਾਲ ਹੈ। ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਮੇਂ ਸਿਰ ਧਰਨਾਕਾਰੀਆਂ ਨੂੰ ਉਠਾਉਂਦੀ ਤਾਂ ਇਹ ਹਾਲਾਤ ਨਾ ਬਣਦੇ। ਉਨ੍ਹਾਂ ਇਹ ਵੀ ਆਖਿਆ ਕਿ ਕਾਂਗਰਸ ਦੇ ਕੁਝ ਮੰਤਰੀਆਂ ਦੀ ਹਿਮਾਇਤ ਵੀ ਇਨ੍ਹਾਂ ਅਖੌਤੀ ਸਤਿਕਾਰ ਕਮੇਟੀ ਵਾਲਿਆਂ ਨੂੰ ਹਾਸਲ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪਾਲ ਸਿੰਘ ਗੋਰਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਰਣਜੀਤ ਕੌਰ ਮਾਹਲ, ਸ. ਨਿਰਮਲ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਸ. ਬਲਦੇਵ ਸਿੰਘ ਚੂੰਘਾ, ਬੀਬੀ ਜਸਪਾਲ ਕੌਰ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਭੁਪਿਦਰ ਸਿੰਘ ਭਲਵਾਨ, ਜਥੇਦਾਰ ਤਾਰਾ ਸਿੰਘ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਜਸਵੀਰ ਕੌਰ, ਬੀਬੀ ਕੁਲਦੀਪ ਕੌਰ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਗੁਰਪ੍ਰੀਤ ਕੌਰ, ਸ. ਕਰਨੈਲ ਸਿੰਘ ਪੰਜੋਲੀ, ਸ. ਬਲਦੇਵ ਸਿੰਘ ਖਾਲਸਾ, ਸ. ਜਸਮੇਰ ਸਿੰਘ ਲਾਛੜੂ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਭਜਨ ਸਿੰਘ ਮਸਾਣਾ, ਬੀਬੀ ਦਵਿੰਦਰ ਕੌਰ ਕਾਲਰਾ, ਸ. ਨਿਰਮਲ ਸਿੰਘ ਝਬਾਲ, ਸ. ਦਲਜੀਤ ਸਿੰਘ ਭਿੰਡਰ, ਸ. ਰਮਨਦੀਪ ਸਿੰਘ, ਸ. ਨਵਤੇਜ ਸਿੰਘ ਕਾਉਣੀ, ਸ. ਸਰਵਣ ਸਿੰਘ ਕੁਲਾਰ, ਬੀਬੀ ਜਿੰਦਰ ਕੌਰ, ਸ. ਪ੍ਰਿਤਪਾਲ ਸਿੰਘ, ਸ. ਸੁਰਿੰਦਰ ਸਿੰਘ ਭੂਲੇਵਾਲ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਆਦਿ ਸ਼ਾਮਲ ਹਨ।