ਫਰੀਦਕੋਟ 25 ਮਈ, 2020 : ਪੰਜਾਬ ਸਰਕਾਰ ਵੱਲੋਂ ਪੀ ਐਮ ਜੀ ਕੇ ਏ ਵਾਈ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋ ਪ੍ਰਤੀ ਜੀਅ ਅਤੇ 3 ਕਿੱਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਜਿਲ੍ਹੇ ਦੇ ਕੁੱਲ 84746 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਅੱਜ ਤੱਕ 69231 ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਫਰੀਦਕੋਟ ਤੋਂ ਵਿਧਾਇਕ ਸ੍ਰੀ ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਬਾਕੀ ਬਚਦੇ 15515 ਪਰਿਵਾਰਾਂ ਨੂੰ ਅਗਲੇ ਤਿੰਨ-ਚਾਰ ਦਿਨਾਂ ਵਿੱਚ ਰਾਸ਼ਨ ਦੀ ਵੰਡ ਕਰ ਦਿੱਤੀ ਜਾਵੇਗੀ।
ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਦੂਸਰੇ ਵਿਭਾਗਾਂ ਦੀ ਤਰ੍ਹਾਂ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਪ੍ਰਵਾਸੀ ਮਜਦੂਰਾਂ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਤਿਆਰ ਕਰਨ ਲਈ ਵੀ ਵਿਭਾਗੀ ਅਧਿਕਾਰੀ/ਕਰਮਚਾਰੀ ਦਿਨ ਰਾਤ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ ਲੱਗਭਗ 28000 ਕਿੱਟਾਂ ਤਿਆਰ ਕਰਕੇ ਜਿਲ੍ਹਾ ਪ੍ਰਸ਼ਾਸਨ ਦੇ ਰਾਹੀਂ ਲੋੜਵੰਦਾਂ/ਪ੍ਰਵਾਸੀ ਮਜਦੂਰਾਂ ਤੱਕ ਪੁੱਜਦੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਹੈ।ਉਨ੍ਹਾਂ ਦੱਸਿਆ ਕਿ ਇਸ ਤਹਿਤ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਜੀ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਰਾਸ਼ਨ ਕਾਰਡ ਹੋਲਡਰ ਤੱਕ ਪਹੁੰਚ ਕਰਕੇ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋ ਨੇ ਦੱਸਿਆ ਕਿ ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਊਣਤਾਈਆਂ/ਖਾਮੀਆਂ ਪਾਏ ਜਾਣ ਤੇ ਜਿਲ੍ਹੇ ਵਿੱਚ ਇੱਕ ਡਿਪੂ ਹੋਲਡਰ ਖਿਲਾਫ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪਰਚਾ ਦਰਜ ਕਰਵਾਇਆ ਗਿਆ ਅਤੇ ਉਸ ਦੀ ਸਪਲਾਈ ਵੀ ਮੁਅੱਤਲ ਕੀਤੀ ਗਈ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜਨ ਵਿੱਚ ਲੱਗੇ ਹੋਏ ਹਨ ਤਾਂ ਜੋ ਕੋਵਿਡ-19 ਦੌਰਾਨ ਲਾਕਡਾਊਨ ਕਾਰਨ ਲੋੜਵੰਦਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਭਾਗ ਅਤੇ ਖਰੀਦ ਏਜੰਸੀਆਂ ਵੱਲੋਂ ਰੱਬੀ ਸੀਜ਼ਨ 2020-21 ਦੌਰਾਨ ਜਿਲ੍ਹਾ ਫਰੀਦਕੋਟ ਵਿੱਚ ਲਗਭਗ 5.40 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਕੁੱਲ 5.35 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਪੂਰੇ ਖਰੀਦ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਅਤੇ ਜਿਲ੍ਹੇ ਵਿੱਚ ਖਰੀਦ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ। ਸਮੂਹ ਖਰੀਦ ਏਜੰਸੀਆਂ ਵੱਲੋਂ ਉਕਤ ਖਰੀਦੀ ਗਈ 5.40 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 5.37 ਲੱਖ ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਲਈ ਆੜ੍ਹਤੀਆਂ ਨੂੰ 97.46% ਪੇਮੈਂਟ ਰਲੀਜ਼ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਪੇਮੈਂਟ ਵੀ ਕੀਤੀ ਜਾ ਰਹੀ ਹੈ।