ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਹੋਵੇਗੀ।ਅੰਤ੍ਰਿੰਗ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਥਾਂ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੂੰ ਸੌਂਪਣ ਦੀ ਵੀ ਕਰੜੀ ਨਿੰਦਾ ਕੀਤੀ ਹੈ। ਇਕੱਤਰਤਾ ’ਚ ਮਤਾ ਪਾਸ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕੱਤਰਤਾ ਮਗਰੋਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਸ ਦਾ ਪ੍ਰਬੰਧ ਸਿੱਖ ਕਮੇਟੀ ਪਾਸ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਨੂੰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੌਂਪਣਾ ਮੰਦਭਾਗਾ ਹੈ, ਕਿਉਂਕਿ ਇਸ ਵਿਚ ਕੋਈ ਵੀ ਸਿੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਸਬੰਧ ਵਿਚ ਇਕ ਮਤਾ ਵੀ ਪਾਸ ਕੀਤਾ ਹੈ, ਜੋ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਗੁਰੂ ਘਰਾਂ ਦੀ ਮਰਯਾਦਾ ਅਨੁਸਾਰ ਸੇਵਾ-ਸੰਭਾਲ ਸਿੱਖ ਸੰਗਤਾਂ ਹੀ ਕਰ ਸਕਦੀਆਂ ਹਨ। ਇਸ ਲਈ ਪਾਕਿਸਤਾਨ ਸਰਕਾਰ ਨੂੰ ਆਪਣਾ ਫੈਸਲਾ ਬਦਲ ਕੇ ਗੁਰੂ ਘਰ ਦਾ ਪ੍ਰਬੰਧ ਮੁੜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਰਾਹੀਂ ਦਿੱਲੀ ਸਥਿਤ ਪਾਕਿਸਤਾਨ ਅੰਬੈਸਡਰ ਨੂੰ ਪੱਤਰ ਭੇਜਿਆ ਗਿਆ ਹੈ।ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਉਣ ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 17 ਨਵੰਬਰ ਨੂੰ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਇਸ ਵੱਲੋਂ ਨਿਭਾਈ ਗਈ ਭੂਮਿਕਾ ਬਾਰੇ ਹਰ ਪੱਖ ਤੋਂ ਜਾਣਕਾਰੀ ਦਿੰਦਾ ਇਤਿਹਾਸਕ ਦਸਤਾਵੇਜ ਤਿਆਰ ਕੀਤਾ ਜਾਵੇਗਾ। 13 ਤੋਂ 17 ਨਵੰਬਰ ਤੱਕ ਵਿਸ਼ੇਸ਼ ਚਿੱਤਰਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੇਗੀ। ਇਸ ਪ੍ਰਦਰਸ਼ਨੀ ਮੌਕੇ ਲਗਾਏ ਗਏ ਚਿੱਤਰਾਂ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਸਮਾਗਮ ਵੀ ਕੀਤੇ ਜਾਣਗੇ। ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਸ਼ਤਾਬਦੀ ਸਬੰਧੀ ਸਮਾਗਮ ਅਗਲਾ ਸਾਰਾ ਸਾਲ ਜਾਰੀ ਰਹਿਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਬਾਰੇ ਸਮੀਖਿਆ ਕਮੇਟੀ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਦੇ ਕਰਮਚਾਰੀਆਂ ਵੱਲੋਂ ਪਾਵਨ ਸਰੂਪਾਂ ਦੀ ਭੇਟਾ ਗਬਨ ਕਰਨ ਦੇ ਮਸਲੇ ਸਬੰਧੀ ਜਾਂਚ ਰਿਪੋਰਟ ਦੇ ਅਧਾਰ ’ਤੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ, ਪਰੰਤੂ ਫਿਰ ਵੀ ਸਾਰੇ ਮਾਮਲੇ ਅਤੇ ਬਣੇ ਹਾਲਾਤਾਂ ਦੀ ਨਜ਼ਰਸਾਨੀ ਲਈ ਇਕ ਕਮੇਟੀ ਬਣਾਈ ਜਾਵੇਗੀ। ਇਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਵਿਦਵਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਭੁਪਿੰਦਰ ਸਿੰਘ ਅਸੰਧ, ਸ. ਗੁਰਪਾਲ ਸਿੰਘ ਗੋਰਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਜਸਮੇਰ ਸਿੰਘ ਲਾਛੜੂ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸ. ਗੁਰਦਿਆਲ ਸਿੰਘ, ਸ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।