ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਸੁਸ਼ੋਭਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ ਕਾਰਜਸ਼ਾਲਾ 10 ਨਵੰਬਰ ਤੱਕ ਚੱਲੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮਾਂ ਵਿਚ ਚਿਤਰਕਲਾ ਪ੍ਰਦਰਸ਼ਨੀ ਵਿਸ਼ੇਸ਼ ਹੋਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਲੜੇ ਗਏ ਸੰਘਰਸ਼ ਦੀ ਤਰਜ਼ਮਾਨੀ ਕਰਦੇ ਵਿਸ਼ੇਸ਼ ਚਿੱਤਰ ਲਗਾਏ ਜਾਣਗੇ। ਇਨ੍ਹਾਂ ਚਿੱਤਰਾਂ ਨੂੰ ਤਿਆਰ ਕਰਨ ਲਈ ਲਗਾਈ ਕਾਰਜਸ਼ਾਲਾ ਵਿਚ ਪੰਜਾਬ ਭਰ ਵਿੱਚੋਂ ਚਿੱਤਰਕਾਰ ਬੁਲਾਏ ਗਏ ਹਨ, ਜੋ ਇਤਿਹਾਸ ਨੂੰ ਚਿੱਤਰਾਂ ਰਾਹੀਂ ਦਰਸਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਚਿੱਤਰਕਲਾ ਕਾਰਜਸ਼ਾਲਾ ਵਿਚ 31 ਚਿੱਤਰਕਾਰ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸਮਾਗਮਾਂ ਸਮੇਂ 13 ਤੋਂ 17 ਨਵੰਬਰ ਤੱਕ ਪ੍ਰਦਰਸ਼ਨੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਚਿੱਤਰਕਾਰ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਪਰੰਤੂ ਜਿਨ੍ਹਾਂ 5 ਚਿੱਤਰਕਾਰਾਂ ਦੀਆਂ ਤਸਵੀਰਾਂ ਬੇਹੱਦ ਖਾਸ ਹੋਣਗੀਆਂ, ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਇਤਿਹਾਕਾਰ ਸ. ਹਰਵਿੰਦਰ ਸਿੰਘ ਖਾਲਸਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਮੁਖਤਾਰ ਸਿੰਘ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਗਤਾਰ ਸਿੰਘ, ਸ. ਗੁਰਮੀਤ ਸਿੰਘ ਸੈਣੀ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।